ਤਾਰਿਆਂ ਦੇ ਨਾਲ ਗੱਲਾਂ ਕਰਦਿਆਂ/ਇਕ ਬਦਲੋਟੀ ਤੁਰਦੀ ਜਾਂਦੀ ਥਲ ਨੂੰ ਪਲ ਵਿਚ ਠਾਰ ਗਈ

ਵਿਕੀਸਰੋਤ ਤੋਂ

———2———

ਇਕ ਬਦਲੋਟੀ ਤੁਰਦੀ ਜਾਂਦੀ ਥਲ ਨੂੰ ਇਕ ਪਲ ਠਾਰ ਗਈ।
ਸਦੀਆਂ ਦੀ ਤੜਪਾਹਟ ਕੰਡਾ ਅਣਖਾਂ ਵਾਲਾ ਮਾਰ ਗਈ।

ਬੰਜਰ ਧਰਤੀ ਰੇਤਲ ਟਿੱਬੇ ਪੁੰਗਰਿਆ ਸੀ ਆਸ ਦਾ ਬੀਜ,
ਪਾਣੀ ਦੀ ਥਾਂ ਬਦਲੀ ਰਾਣੀ ਗੱਲੀਂ ਬਾਤੀਂ ਸਾਰ ਗਈ।

ਹਿੱਕ 'ਚ ਰਹਿ ਗਏ ਹਉਕੇ ਹਾਵੇ ਸੁੱਤੀਆਂ ਆਸਾਂ ਰਾਂਗਲੀਆਂ,
ਜਾਂਦੀ ਹੋਈ ਰਾਤ ਕੁਲਹਿਣੀ ਐਸਾ 'ਨ੍ਹੇਰ ਪਸਾਰ ਗਈ।

ਸਾਡੇ ਪਿੰਡ ਦੇ ਚਿਹਰੇ 'ਤੇ ਉਦਰੇਵਾਂ ਆ ਕੇ ਬੈਠ ਗਿਆ,
ਬੋਹੜਾਂ ਤੇ ਪਿੱਪਲਾਂ ਦੀ ਰੌਣਕ ਜਦ ਤੋਂ ਦਰਿਆ ਪਾਰ ਗਈ।

ਸ਼ਹਿਰਾਂ ਵਾਲੀ ਅੱਗ ਨਾ ਕਿਧਰੇ ਸਾਡੀਆਂ ਜੂਹਾਂ ਘੇਰ ਲਵੇ,
ਡਰਦੀ ਮਾਰੀ ਉੱਡ ਕੇ ਏਥੋਂ ਏਸੇ ਲਈ ਹੈ ਡਾਰ ਗਈ।

ਰਣ-ਖੇਤਰ ਵਿਚ ਖ਼ੂਬ ਲੜੇ ਹਾਂ, ਹੋਰ ਲੜਾਂਗੇ ਵੀ ਆਪਾਂ,
ਹੋਇਆ ਕੀ ਜੇ ਬੇਹਥਿਆਰੀ ਧਿਰ ਸਾਡੀ ਫਿਰ ਹਾਰ ਗਈ।