ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/81

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਭੋਲੀ ਨੇ ਪਰਤਾਪੀ ਦੀਆਂ ਅੱਖਾਂ ਵਿੱਚ ਅਨੋਖੀ ਚਮਕ ਵੇਖੀ ਤੇ ਬੁੱਲ੍ਹਾਂ ਵਿੱਚ ਮੁਸਕਰਾਈ।

ਆਥਣ ਸਮੇਂ ਭੋਲੀ ਨੇ ਆਪਣੇ ਘਰ ਵਾਲੇ ਦਲੇਲ ਗੁੱਜਰ ਨਾਲ ਪਰਤਾਪੀ ਨੂੰ ਨਾਭੇ ਛੱਡ ਆਉਣ ਬਾਰੇ ਗੱਲ ਤੋਰੀ।

ਅਗਲੀ ਭਲ਼ਕ ਦਲੇਲ ਨੇ ਰੁਪਾਲੋਂ ਜਾ ਕੇ ਕਾਕੇ ਦੀ ਮਾਂ ਅਤਰੀ ਨੂੰ ਪਰਤਾਪੀ ਦੇ ਨਾਭੇ ਜਾਣ ਬਾਰੇ ਦੱਸ ਦਿੱਤਾ। ਪਰਤਾਪੀ ਦਾ ਕਾਕੇ ਕੋਲ ਨਾਭੇ ਜਾਣਾ ਸੁਣ ਕੇ ਅਤਰੀ ਦੇ ਸਿਰ ਜਿਵੇਂ ਸੌ ਘੜਾ ਪਾਣੀ ਦਾ ਪੈ ਗਿਆ ਹੋਵੇ।ਉਹ ਮੱਥਾ ਫੜ ਕੇ ਬੈਠ ਗਈ। ਇਕ ਪਲ ਉਹ ਸੁੰਨ ਬੈਠੀ ਰਹੀ, ਆਖਰ ਉਸ ਦੇ ਬੁੱਲ੍ਹ ਕੰਬੇ, “ਨਹੀਂ, ਨਹੀਂ ਹੋਣ ਦਿਆਂਗੀ, ਜ਼ੈਲਦਾਰ ਕਾਹਨ ਸਿੰਘ ਦੀ ਨੂੰਹ ਕਮੀਣ ਸੁਨਿਆਰ ਦੀ ਧੀ ਨਹੀਂ ਬਣ ਸਕਦੀ। ਨਹੀਂ ਬਣ ਸਕਦੀ। ਜੇ ਪਰਤਾਪੀ ਕਾਕੇ ਦੇ ਵਸ ਗਈ ਤਾਂ ਸਾਡੇ ਖਾਨਦਾਨ ਦੀ ਇੱਜ਼ਤ ਮਿੱਟੀ ਵਿੱਚ ਮਿਲ ਜਾਵੇਗੀ। ਅਸੀਂ ਵੱਡੇ ਸਰਦਾਰ ਕਿਸੇ ਪਾਸੇ ਵੀ ਆਪਣਾ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ। ਵੀਰ ਮੇਰਿਆ ਕੁੱਝ ਵੀ ਕਰ। ਸਾਡੀ ਇੱਜ਼ਤ ਬਚਾ ਤੂੰ ਅੱਗੇ ਵੀ ਸਾਡੇ ਤੇ ਬਹੁਤ ਅਹਿਸਾਨ ਕੀਤੇ ਨੇ। ਆਹ ਲੈ ਪੰਜ ਸੌ ਰੁਪਏ। ਪਰਤਾਪੀ ਨੂੰ ਕਿਧਰੇ ਮੁਕਾ ਛੱਡ। ਮੈਂ ਤੇਰੇ ਪੈਰੀਂ ਪੈਨੀ ਆਂ।” ਅਤਰੀ ਨੇ ਆਪਣੀ ਚੁੰਨੀ ਦਲੇਲ ਦੇ ਪੈਰਾਂ ਤੇ ਰੱਖ ਦਿੱਤੀ।

ਅਤਰੀ ਦੀ ਹਾਲਤ ਦਲੇਲ ਪਾਸੋਂ ਸਹਾਰੀ ਨਾ ਗਈ। ਐਡੇ ਵੱਡੇ ਜਗੀਰਦਾਰਾਂ ਦੀ ਬਹੂ ਰਾਣੀ ਉਹਦੇ ਅੱਗੇ ਝੋਲੀ ਅੱਡੀ ਖੜ੍ਹੀ ਸੀ।ਉਹਨੇ ਪਰਤਾਪੀ ਨੂੰ ਪਾਰ ਬੁਲਾਉਣ ਦਾ ਇਕਰਾਰ ਅਤਰੀ ਨੂੰ ਦੇ ਦਿੱਤਾ।

ਰੁਪਾਲੋਂ ਦੇ ਲਾਗਲੇ ਪਿੰਡ ਚੱਕ ਦਾ ਸਯਦ ਮੁਹੰਮਦ, ਦਲੇਲ ਦਾ ਯਾਰ ਸੀ। ਉਹ ਨੇ ਉਸ ਨੂੰ ਵੀ ਪਰਤਾਪੀ ਨੂੰ ਮਾਰਨ ਦੇ ਕਾਰਜ ਵਿੱਚ ਆਪਣਾ ਭਾਈਵਾਲ ਬਣਾ ਲਿਆ। ਅੰਨ੍ਹਾ ਲਾਲਚ ਚੰਗੇ ਭਲਿਆਂ ਨੂੰ ਵਿਗਾੜ ਦਿੰਦਾ ਹੈ।

ਦਲੇਲ ਨੇ ਭੋਲੀ ਹੱਥ ਪਰਤਾਪੀ ਨੂੰ ਤਿਆਰੀ ਕਰਨ ਲਈ ਸੁਨੇਹਾ ਭੇਜ ਦਿੱਤਾ। ਮਾਹੀ ਪਾਸ ਜਾਣ ਦਾ ਸੱਦਾ ਸੁਣ ਉਹ ਖਿੜੇ ਫੁੱਲ ਵਾਂਗ ਖਿੜ ਗਈ।

ਪੱਛਮ ਵੱਲ ਸੂਰਜ ਦੀ ਲਾਲੀ ਕਾਲੋਂ ਦਾ ਰੂਪ ਧਾਰ ਰਹੀ ਸੀ। ਤਾਰੇ ਲੁਕਣ ਮੀਟੀ ਖੇਡਣ ਲੱਗ ਪਏ ਸਨ। ਦਲੇਲ ਵਿਛੜੀ ਕੂੰਜ ਨੂੰ ਨਾਲ ਲੈ ਚਾਵਾ-ਪੈਲ ਸਟੇਸ਼ਨ ਨੂੰ ਤੁਰ ਪਿਆ। ਲੋ ਤੋਂ ਚਾਵਾ-ਪੈਲ ਤੀਕਰ ਟਿੱਬੇ ਹੀ ਟਿੱਬੇ ਸਨ। ਪਰਤਾਪੀ ਟਿੱਬਿਆਂ ਦੀ ਕੋਈ ਪ੍ਰਵਾਹ ਨਹੀਂ ਸੀ ਕਰ ਰਹੀ। ਅੱਜ ਉਹ ਸਾਰੇ ਦਿਨਾਂ ਨਾਲੋਂ ਖਿੜਵੇਂ ਰੌਂਅ ਵਿੱਚ ਸੀ। ਉਹ ਭੋਲੀ ਦਾ ਲੱਖ-ਲੱਖ ਸ਼ੁਕਰ ਕਰ ਰਹੀ ਸੀ। ਪਿਆਰੇ ਦੇ ਮਿਲਾਪ ਲਈ ਉਹਦਾ ਦਿਲ ਬਿਹਬਲ ਹੋ ਰਿਹਾ ਸੀ। ਉਹ ਇਹ ਨਹੀਂ ਸੀ ਜਾਣਦੀ ਕਿ ਹੋਣੀ ਕੀ ਭਾਣਾ ਵਰਤਾਣ ਲੱਗੀ ਹੈ :

ਟਿੱਬੇ ਦੇ ਵਿੱਚ ਜਾ ਵੜੇ, ਉਤੋਂ ਰਾਤ ਗੁਬਾਰ।
ਖ਼ਬਰ ਨਾ ਕੋਈ ਰੰਨ ਨੂੰ, ਹੈ ਕਰਮਾਂ ਦੀ ਹਾਰ।
ਮਨ ਵਿੱਚ ਰੰਨ ਦੇ ਹੌਸਲਾ, ਕਦਮ ਧਰੇ ਇਕਸਾਰ।

65/ ਇਸ਼ਕ ਸਿਰਾਂ ਦੀ ਬਾਜ਼ੀ