ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/91

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਰੋਡਾ ਜਲਾਲੀ ਦੀ ਪ੍ਰੀਤ ਕਥਾ

‘ਰੋਡਾ ਜਲਾਲੀ’ ਦਿਲ ਹੂਲਵੀਂ ਪਾਕ ਮੁਹੱਬਤ ਦੀ ਲੋਕ ਗਾਥਾ ਹੈ। ਸਤਾਰੁਵੀਂ ਸਦੀ ਦੇ ਅੰਤ ਵਿੱਚ ਇਹ ਵਾਰਤਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕ ਪਿੰਡ ਲਾਲ ਸਿੰਙੀ ਵਿਖੇ ਵਾਪਰੀ। ਕਿਸ਼ੋਰ ਚੰਦ ਅਤੇ ਬੂਟਾ ਗੁਜਰਾਤੀ ਨੇ ਇਸ ਬਾਰੇ ਦੋ ਕਿੱਸੇ ਜੋੜੇ ਹਨ। ਇਨ੍ਹਾਂ ਕਿੱਸਿਆਂ ਤੋਂ ਇਲਾਵਾ ਰੋਡਾ ਜਲਾਲੀ ਬਾਰੇ ਪੰਜਾਬ ਦੀਆਂ ਸੁਆਣੀਆਂ ਲੋਕ ਗੀਤ ਵੀ ਗਾਉਂਦੀਆਂ ਹਨ।

ਬਲਖ ਬੁਖ਼ਾਰੇ ਦਾ ਜੰਮਪਲ ਆਪਣੀ ਮਾਂ ਦੀ ਮੌਤ ਦੇ ਵੈਰਾਗ ਵਿੱਚ ਫ਼ਕੀਰ ਬਣਿਆਂ ਰੋਡਾ ਪਾਕਪਟਣੋਂ ਹੁੰਦਾ ਹੋਇਆ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ‘ਲਾਲ ਸਿੰਙੀ' ਆਣ ਪੁੱਜਾ। ਪਿੰਡ ਤੋਂ ਅੱਧ ਕੁ ਮੀਲ ਦੀ ਦੂਰੀ 'ਤੇ ਪੂਰਬ ਵੱਲ ਦੇ ਪਾਸੋ ਸੁਹਾਂ ਨਦੀ ਦੇ ਕੰਢੇ ਇਕ ਸ਼ਾਨਦਾਰ ਬਾਗ਼ ਸੀ। ਉਸ ਬਾਗ਼ ਵਿੱਚ ਇਸ ਫ਼ਕੀਰ ਨੇ ਜਾ ਡੇਰੇ ਲਾਏ।

ਫ਼ਕੀਰ ਇੱਕੀ ਬਾਈ ਵਰ੍ਹੇ ਦਾ ਸੁਨੱਖਾ ਜੁਆਨ ਸੀ। ਗੇਰੂਏ ਕੱਪੜੇ ਉਹਦੇ ਸਿਓ ਜਹੇ ਦਗ਼-ਦਗ ਕਰਦੇ ਸਰੀਰ 'ਤੇ ਬਣ-ਬਣ ਪੈਂਦੇ ਸਨ। ਰੂਪ ਉਹਦਾ ਝੱਲਿਆ ਨਹੀਂ ਸੀ ਜਾਂਦਾ। ਇਕ ਅਨੋਖਾ ਜਲਾਲ ਉਹਦੇ ਮਸਤਕ `ਤੇ ਟਪਕ ਰਿਹਾ ਸੀ, ਅੱਖੀਆਂ ਰੱਜ-ਰੱਜ ਜਾਂਦੀਆਂ ਸਨ।

ਪਿੰਡ ਵਿੱਚ ਫ਼ਕੀਰ ਦੀ ਆਮਦ ਦੀ ਚਰਚਾ ਸ਼ੁਰੂ ਹੋ ਗਈ, ਨਵੇਂ ਸ਼ਰਧਾਲੂ ਪੈਦਾ ਹੋ ਗਏ। ਬੜੀਆਂ ਪਿਆਰੀਆਂ ਕਰਾਮਾਤੀ ਕਥਾਵਾਂ ਉਸ ਬਾਰੇ ਘੜੀਆਂ ਜਾਣ ਲੱਗੀਆਂ ਕਿਸੇ ਦੀ ਮੱਝ ਗੁਆਚ ਗਈ, ਰੋਡੇ ਮੰਤਰ ਪੜਿਆ, ਮੱਝ ਆਪਣੇ ਆਪ ਅਗਲੇ ਦੇ ਕੀਲੇ ਜਾ ਖੜੀ। ਕਿਸੇ ਦੀ ਗਊ ਨੇ ਦੁੱਧ ਨਾ ਦਿੱਤਾ, ਫ਼ਕੀਰ ਨੇ ਪੇੜਾ ਕੀਤਾ, ਗਉ ਧਾਰੀ ਪੈ ਗਈ।ਕਿਸੇ ਦਾ ਜੁਆਕ ਢਿੱਲਾ ਮੱਠਾ ਹੋ ਗਿਆ, ਰੋਡੇ ਝਾੜਾ ਝਾੜਿਆ, ਮੁੰਡਾ ਨੌ-ਬਰ-ਨੌਂ। ਇਸ ਪ੍ਰਕਾਰ ਰੋਡੇ ਫ਼ਕੀਰ ਦੀ ਮਹਿਮਾ ਘਰ ਘਰ ਹੋਣ ਲੱਗ ਪਈ। ਪਿੰਡ ਦੇ ਲੋਕੀਂ ਅਪਾਰ ਸ਼ਰਧਾ ਨਾਲ ਰੋਡੇ ਨੂੰ ਪੂਜਣ ਲੱਗੇ। ਮਾਈਆਂ ਬਣ ਸੰਵਰ ਕੇ ਸੰਤਾਂ ਦੇ ਦਰਸ਼ਨਾਂ ਨੂੰ ਜਾਂਦੀਆਂ। ਆਪਣੇ ਮਨ ਦੀਆਂ ਮੁਰਾਦਾਂ ਲਈ ਰੋਡੇ ਪਾਸੋਂ ਅਸੀਸਾਂ ਮੰਗਦੀਆਂ, ਆਪਣੇ ਦੁਖ-ਸੁਖ ਫੋਲਦੀਆਂ। ਰੋਡਾ ਬੜੇ ਧਿਆਨ ਨਾਲ ਸੁਣਦਾ, ਸ਼ਹਿਦ ਜਿਹੇ ਮਿੱਠੇ ਬੋਲ ਬੋਲਦਾ, ਸਾਰਿਆਂ ਦੇ ਦਿਲ ਮੋਹੇ ਜਾਂਦੇ।

ਇਸੇ ਪਿੰਡ ਦੇ ਲੁਹਾਰਾਂ ਦੀ ਧੀ ਜਲਾਲੀ ਦੇ ਰੂਪ ਦੀ ਬੜੀ ਚਰਚਾ ਸੀ। ਕੋਈ ਗੱਭਰੂ ਅਜੇ ਤੀਕ ਉਹਨੂੰ ਜਚਿਆ ਨਹੀਂ ਸੀ, ਕਿਸੇ ਨੂੰ ਵੀ ਉਹ ਆਪਣੇ ਨੱਕ ਥੱਲੋਂ ਨਹੀਂ ਸੀ ਲਿਆਉਂਦੀ। ਸਾਰੇ ਜਲਾਲੀ ਨੂੰ ਪਿੰਡ ਦਾ ਸ਼ਿੰਗਾਰ ਸੱਦਦੇ ਸਨ, ਪਹਾੜਾਂ ਦੀ ਪਰੀ ਨਾਲ ਤੁਲਨਾ ਦੇਂਦੇ ਸਨ:

ਜਲਾਲੀਏ ਲੁਹਾਰੀਏ ਨੀ
ਕੀ ਤੂੰ ਪਰੀ ਪਹਾੜ ਦੀ

75/ ਇਸ਼ਕ ਇਰਾਂ ਦੀ ਬਾਜ਼ੀ