ਪੰਨਾ:ਤਾਰਿਆਂ ਦੇ ਨਾਲ ਗੱਲਾਂ ਕਰਦਿਆਂ – ਗੁਰਭਜਨ ਗਿੱਲ.pdf/54

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



———28———

ਵੱਢਿਆ ਟੁੱਕਿਆ ਜਿਸਮ ਪਿਆ ਹੈ ਰੋਜ਼ ਦੀਆਂ ਘਟਨਾਵਾਂ ਨਾਲ।
ਕਿੱਦਾਂ ਅੱਖ ਮਿਲਾਵਾਂ ਯਾਰੋ ਅੱਜ ਮੈਂ ਪੰਜ ਦਰਿਆਵਾਂ ਨਾਲ।

ਬੰਸਰੀਆਂ ਦੇ ਪੋਰੀਂ ਸਿੱਕਾ ਭਰ ਦਿੱਤਾ ਏ ਵਹਿਸ਼ਤ ਨੇ,
ਨੱਚਦੇ ਨੱਚਦੇ ਮੋਰ ਸਹਿਮ ਗਏ ਕਿਹੜਾ ਸਾਜ਼ ਵਜਾਵਾਂ ਨਾਲ।

ਖੜ੍ਹੀਆਂ ਫ਼ਸਲਾਂ ਕੱਚੇ ਕੋਠੇ ਇਹ ਚੰਦਰੇ ਕਿਉਂ ਢਾਹੁੰਦੇ ਨੇ,
ਆਓ ਯਾਰੋ ਗੱਲ ਤਾਂ ਕਰੀਏ ਸ਼ੂਕ ਰਹੇ ਦਰਿਆਵਾਂ ਨਾਲ।

'ਨ੍ਹੇਰੇ ਦੇ ਵਿਚ ਜੰਮ ਜਾਏ, ਕਿੱਸਰਾਂ ਚ ਪਛਾਨਣਗੇ,
ਬਿਨ ਸੂਰਜ ਵੱਲ ਮੂੰਹ ਕੀਤਿਆਂ ਤੁਰਦਾ ਨਾ ਪਰਛਾਵਾਂ ਨਾਲ।

ਰਿਸ਼ਤੇ ਦੀ ਚਾਦਰ ਦੀਆਂ ਲੀਰਾਂ ਖਿੱਲਰ ਗਈਆਂ ਹਨ ਏਸ ਤਰ੍ਹਾਂ,
ਚਾਰ ਕਦਮ ਨਾ ਤੁਰ ਕੇ ਰਾਜ਼ੀ ਸੱਕੀ ਭੈਣ ਭਰਾਵਾਂ ਨਾਲ।

ਸੁਰ ਦੀ ਮਹਿਫ਼ਲ ਦੇ ਵਿਚ ਆ ਕੇ ਤਾਨਸੈਨ ਕੀ ਸੋਚੇਗਾ,
ਸਾਰੀ ਟੀਮ ਵਜੰਤਰੀਆਂ ਦੀ ਜਾ ਬੈਠੀ ਏ ਕਾਵਾਂ ਨਾਲ।

ਜਿਹੜਾ ਫੁੱਲ ਖ਼ੁਸ਼ਬੋਈ ਵਾਲਾ ਉਹ ਤਾਂ ਮਹਿਕਾਂ ਵੰਡੇਗਾ,
ਉਸ ਨੇ ਬਾਜ਼ ਨਹੀਂ ਆਉਣਾ ਹੈ ਡਾਢੀਆਂ ਸਖ਼ਤ ਸਜ਼ਾਵਾਂ ਨਾਲ।

ਅੰਨ੍ਹਾ ਬੰਦਾ ਵੀ ਬੁੱਝ ਲੈਂਦੇ, ਪੈੜ-ਚਾਲ ਤੋਂ ਲਹਿਜੇ ਤੋਂ,
ਕਿਹੜਾ ਬੰਦਾ ਸਾਂਝ ਪੁਗਾਉਂਦਾ ਹੈ ਕਿਸ ਤਰ੍ਹਾਂ ਦੇ ਰਾਹਵਾਂ ਨਾਲ।

ਸਾਰੇ ਚੌਂਕ ਚੁਰਸਤੇ ਮੱਲੇ ਕਾਲੇ ਫ਼ਨੀਅਰ ਨਾਗਾਂ ਨੇ,
ਯਤਨ ਕਰਾਂ ਕਿ ਕੀਲ ਲਵਾਂ ਮੈਂ ਗ਼ਜ਼ਲਾਂ ਤੇ ਕਵਿਤਾਵਾਂ ਨਾਲ।

*

ਤਾਰਿਆਂ ਦੇ ਨਾਲ ਗੱਲਾਂ ਕਰਦਿਆਂ /54