ਪੰਨਾ:ਤਾਰਿਆਂ ਦੇ ਨਾਲ ਗੱਲਾਂ ਕਰਦਿਆਂ – ਗੁਰਭਜਨ ਗਿੱਲ.pdf/69

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



———43———

ਕਦੇ ਸੁਪਨੇ ਵਿਚ ਕਦੇ ਜਾਗਦਿਆਂ ਸਾਨੂੰ ਸਰਪ ਦੋਮੂੰਹੋਂ ਡੰਗਦੇ ਰਹੇ।
ਅਸੀਂ ਫਿਰ ਵੀ ਐਸੇ ਸੱਜਣਾਂ ਲਈ ਸਦਾ ਨੇਕ ਦੁਆ ਹੀ ਮੰਗਦੇ ਰਹੇ।

ਮੈਂ ਸ਼ੁਕਰਗੁਜ਼ਾਰ ਹਾਂ ਉਹਨਾਂ ਦਾ ਤੇ ਧੰਨਵਾਦੀ ਹਾਂ ਏਸ ਲਈ,
ਜੋ ਹਰ ਯੁਗ ਅੰਦਰ ਲੱਭ ਲੱਭ ਕੇ ਮੈਨੂੰ ਹੀ ਸੂਲੀ ਟੰਗਦੇ ਰਹੇ।

ਕਈ ਸਦੀਆਂ ਮਗਰੋਂ ਅੱਜ ਵੀ ਤਾਂ ਹੀਰਾਂ ਤੇ ਸੱਸੀਆਂ ਤੜਪਦੀਆਂ,
ਓਵੇਂ ਹੀ ਕੈਦੋਂ ਚਾਲਬਾਜ਼ ਤੇ ਟੇਢੇ ਰਸਤੇ ਝੰਗ ਦੇ ਰਹੇ।

ਕਹਿਰਾਂ ਦੀ ਤਪਸ਼ ਪਿਆਸ ਬੜੀ ਤੇ ਤੜਫ਼ ਰਹੇ ਸਭ ਜੀਵ ਜੰਤ,
ਉਹ ਗਾਉਂਦੇ ਰਹੇ ਮਲਹਾਰ ਰਾਗ ਅਸੀਂ ਪਾਣੀ ਪਾਣੀ ਮੰਗਦੇ ਰਹੇ।

ਹੱਕ ਸੱਚ ਦੇ ਰਸਤੇ ਤੁਰਨਾ ਹੈ ਕੀ ਡਰ ਹੈ ਸੂਲ ਸਲੀਬਾਂ ਦਾ,
ਸਾਡੇ ਵੱਡ-ਵਡੇਰੇ ਅਜ਼ਲਾਂ ਤੋਂ ਹਨ ਏਸੇ ਰਾਹ ਤੋਂ ਲੰਘਦੇ ਰਹੇ।

ਇਹ ਚੋਰੀ ਡਾਕੇ ਹੱਕਾਂ ਤੇ ਕੋਈ ਐਵੇਂ ਤਾਂ ਨਹੀਂ ਮਾਰ ਰਿਹਾ,
ਬਦਨੀਤੀ ਚੌਕੀਦਾਰਾਂ ਦੀ ਜੋ ਝੂਠੀ ਮੂਠੀ ਖੰਘਦੇ ਰਹੋ।

ਜਦ ’ਵਾਜ਼ ਹੈ ਮਾਰੀ ਧਰਤੀ ਨੇ ਅਸੀਂ ਪਹੁੰਚ ਗਏ ਹਾਂ ਓਸ ਘੜੀ,
ਇਹ ਤਨ ਦਾ ਚੋਲਾ ਹਰ ਵਾਰੀ ਅਸੀਂ ਆਪਣੇ ਲਹੂ ਵਿਚ ਰੰਗਦੇ ਰਹੇ।

ਇਹ ਚਾਰ ਦੀਵਾਰੀ ਨਸਲਾਂ ਦੀ ਤੇ ਧਰਮ ਦੀ ਵਲਗਣ, ਤੋਬਾ ਹੈ,
ਲੋਕਾਂ ਨੂੰ ਕਹੀਏ ਤੋੜ ਦਿਉ ਪਰ ਆਪਣੀ ਵਾਰੀ ਸੰਗਦੇ ਰਹੇ।

*

ਤਾਰਿਆਂ ਦੇ ਨਾਲ ਗੱਲਾਂ ਕਰਦਿਆਂ /69