ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/114

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਅੱਖੀਆਂ ਰੱਜ ਰੱਜ ਜਾਂਦੀਆਂ ਸਨ।

ਪਿੰਡ ਵਿੱਚ ਨਵੇਂ ਫ਼ਕੀਰ ਦੀ ਆਮਦ ਦੀ ਚਰਚਾ ਸ਼ੁਰੂ ਹੋ ਗਈ, ਨਵੇਂ ਸ਼ਰਧਾਲੂ ਪੈਦਾ ਹੋ ਗਏ। ਬੜੀਆਂ ਪਿਆਰੀਆਂ ਕਰਾਮਾਤੀ 'ਕਥਾਵਾਂ ਉਸ ਬਾਰੇ ਘੜੀਆਂ ਜਾਣ ਲੱਗੀਆਂ। ਕਿਸੇ ਦੀ ਮੱਝ ਗੁਆਚ ਗਈ, ਰੋਡੇ ਮੰਤਰ ਪੜ੍ਹਿਆ, ਮੱਝ ਆਪਣੇ ਆਪ ਅਗਲੇ ਦੇ ਕੀਲੇ ਜਾ ਖੜੀ। ਕਿਸੇ ਦੀ ਗਊ ਨੇ ਦੁਧ ਨਾ ਦਿੱਤਾ, ਫ਼ਕੀਰ ਨੇ ਪੇੜਾ ਕੀਤਾ, ਗਊ ਧਾਰੀ ਪੈ ਗਈ। ਕਿਸੇ ਦਾ ਜੁਆਕ ਢਿੱਲਾ ਹੋ ਗਿਆ, ਰੋਡੇ ਝਾੜਾ ਝਾੜਿਆ, ਮੁੰਡਾ ਨੌ-ਬਰ ਨੌ। ਇਸ ਪਰਕਾਰ ਰੋਡੇ ਫ਼ਕੀਰ ਦੀ ਮਹਿਮਾ ਘਰ ਘਰ ਹੋਣ ਲਗ ਪਈ। ਪਿੰਡ ਦੇ ਲੋਕੀ ਅਪਾਰ ਸ਼ਰਧਾ ਨਾਲ ਰੋਡੇ ਨੂੰ ਪੂਜਣ ਲਗ ਪਏ। ਮਾਈਆਂ ਬਣ ਸੰਵਰ ਕੇ ਸੰਤਾਂ ਦੇ ਦਰਸ਼ਣਾਂ ਨੂੰ ਜਾਂਦੀਆਂ, ਆਪਣੇ ਮਨ ਦੀਆਂ ਮੁਰਾਦਾਂ ਲਈ ਰੋਡੇ ਪਾਸੋਂ ਅਸੀਸਾਂ ਮੰਗਦੀਆਂ, ਆਪਣੇ ਦੁਖ ਸੁਖ ਫੋਲਦੀਆਂ। ਰੋਡਾ ਬੜੇ ਧਿਆਨ ਨਾਲ ਸੁਣਦਾ, ਸ਼ਹਿਦ ਜਹੇ ਮਿਠੇ ਬੋਲ ਬੋਲਦਾ, ਸਾਰਿਆਂ ਦੇ ਦਿਲ ਮੋਹੇ ਜਾਂਦੇ।

ਇਸੇ ਪਿੰਡ ਦੇ ਹਾਰਾਂ ਦੀ ਧੀ ਜਲਾਲੀ ਦੇ ਰੂਪ ਦੀ ਬੜੀ ਚਰਚਾ ਸੀ। ਕੋਈ ਗੱਭਰੂ ਅਜੇ ਤੀਕਰ ਉਹਨੂੰ ਜਚਿਆ ਨਹੀਂ ਸੀ, ਕਿਸੇ ਨੂੰ ਵੀ ਉਹ ਆਪਣੇ ਨੱਕ ਥੱਲੇ ਨਹੀਂ ਸੀ ਲਿਆਉਂਦੀ। ਸਾਰੇ ਜਲਾਲੀ ਨੂੰ ਪਿੰਡ ਦਾ ਸ਼ਿੰਗਾਰ ਸੱਦਦੇ ਸਨ, ਪਹਾੜਾਂ ਦੀ ਪੂਰੀ ਆਖਦੇ ਸਨ:———

ਜਲਾਲੀਏ ਲੁਹਾਰੀਏ ਨੀ
ਕੀ ਤੂੰ ਪਰੀ ਪਹਾੜ ਦੀ
ਕੀ ਅਸਮਾਨੀ ਹੂਰ
ਸੁਹਣੀ ਦਿੱਸੇਂ ਫੁਲ ਵਾਂਗ
ਤੈਥੋਂ ਮੈਲ ਰਹੀ ਏ ਦੂਰ
ਤੈਨੂੰ ਵੇਖਣ ਆਉਂਦੇ
ਹੋ ਹੋ ਜਾਂਦੇ ਚੂਰ।

108