ਪੰਨਾ:ਪੰਜਾਬੀ ਸਭਿਆਚਾਰ ਦੀ ਆਰਸੀ - ਸੁਖਦੇਵ ਮਾਦਪੁਰੀ.pdf/59

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਬੁਢੜੇ ਕਾਹਨੂੰ ਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਗੱਭਰੂ ਕਿਉਂ ਨਾ ਲਿਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਸਾਰੇ ਆਂਢਲ ਆਏ

ਪਹਿਲੇ ਸਮਿਆਂ ਵਿੱਚ ਬਰਾਤਾਂ ਤਿੰਨ ਦਿਨ ਠਹਿਰਦੀਆਂ ਸਨ। ਇਕ ਦਿਨ ਆਉਣ ਦਾ ਤੇ ਇੱਕ ਦਿਨ ਵਿਦਾਇਗੀ ਦਾ। ਫੇਰ ਦੋ ਦਿਨ ਠਹਿਰਨ ਲੱਗੀਆਂ ਤੇ ਅੱਜ ਕਲ੍ਹ ਤਾਂ ਇਕ ਦਿਨ ਵਿੱਚ ਹੀ ਸਾਰੇ ਕਾਰਜ ਪੂਰੇ ਜਾਂਦੇ ਹਨ।

ਜੰਞ ਦਾ ਉਤਾਰਾ ਜੰਞ ਘਰ ਜਾਂ ਧਰਮਸ਼ਾਲਾ ਵਿੱਚ ਕਰਵਾਇਆ ਜਾਂਦਾ ਸੀ। ਪਹਿਲੀ ਰਾਤ ਦੀ ਰੋਟੀ ਘਿਉ-ਬੂਰੇ ਜਾਂ ਚੌਲ ਸ਼ਕਰ ਨਾਲ ਦਿੱਤੀ ਜਾਂਦੀ ਸੀ। ਇਸ ਨੂੰ “ਕੁਆਰੀ ਰੋਟੀ" ਜਾਂ "ਮਿੱਠੀ ਰੋਟੀ” ਆਖਦੇ ਸਨ। ਗੈਸਾਂ ਅਤੇ ਲਾਲਟੈਨਾਂ ਦੇ ਚਾਨਣ ਵਿੱਚ ਬਰਾਤੀ ਕੋਰਿਆਂ ਉੱਤੇ ਬੈਠ ਕੇ ਭੋਜਨ ਛਕਦੇ। ਵਰਤਾਵੇ ਜਿਨ੍ਹਾਂ ਨੂੰ ਮਾਲਵੇ ਵਿੱਚ ਪਰੀਹੇਂ ਆਖਿਆ ਜਾਂਦਾ ਹੈ ਇਕੱਲੀ ਇਕੱਲੀ ਲਾਈਨ ਵਿੱਚ ਜਾ ਕੇ ਸ਼ੱਕਰ, ਬੂਰਾ ਤੇ ਘਿਓ ਆਦਿ ਵਰਤਾਉਂਦੇ। ਮਿੱਠੀ ਰੋਟੀ ਵੇਲੇ ਲਾੜਾ ਬਰਾਤ ਨਾਲ ਨਹੀਂ ਸੀ ਜਾਂਦਾ, ਉਸ ਦੀ ਰੋਟੀ ਡੇਰੇ ਭੇਜੀ ਜਾਂਦੀ ਸੀ। ਬਰਾਤੀਆਂ ਨੇ ਰੋਟੀ ਖਾਣੀ ਸ਼ੁਰੂ ਕਰਨੀ ਓਧਰ ਬਨੇਰਿਆਂ 'ਤੇ ਬੈਠੀਆਂ ਸੁਆਣੀਆਂ ਨੇ ਸਿੱਠਣੀਆਂ ਦਾ ਨਿਸ਼ਾਨਾ ਕੁੜਮ ਨੂੰ ਬਣਾਉਣਾ:

ਕੁੜਮ ਚੱਲਿਆ ਗੰਗਾ ਦਾ ਨ੍ਹਾਉਣ
ਹਰ ਗੰਗਾ ਨਰੈਣ ਗੰਗਾ
ਪਹਿਲੇ ਗੋਤੇ ਗਿਆ ਪਤਾਲ
ਹਰ ਗੰਗਾ ਨਰੈਣ ਗੰਗਾ
ਮੱਛੀ ਨੇ ਫੜ ਲਿਆ ਮੁੱਛ ਦਾ ਵਾਲ
ਹਰ ਗੰਗਾ ਨਰੈਣ ਗੰਗਾ
ਏਥੇ ਫੇਰ ਨਹੀਂ ਆਉਂਦਾ ਤੇਰੇ ਦਰਬਾਰ
ਹਰ ਗੰਗਾ ਨਰੈਣ ਗੰਗਾ
ਏਥੇ ਕਰਦੂੰ ਬੇਬੇ ਦਾ ਦਾਨ
ਹਰ ਗੰਗਾ ਨਰੈਣ ਗੰਗਾ

ਕੁੜਮ ਸਿੱਠਣੀਆਂ ਦਾ ਸ਼ਿਕਾਰ ਬਣਿਆਂ ਭਮੱਤਰ ਜਾਂਦਾ ਹੈ। ਕੋਈ ਉਸ ਦੇ ਸਰੀਰਕ ਨੁਕਸ ਲੱਭਦੀ ਹੈ ਕੋਈ ਉਹਦੀ ਜ਼ੋਰੋ ਦੇ ਤਾਅਨੇ ਮਾਰਦੀ ਹੈ, ਬਰਾਤੀ ਮੁੱਛਾਂ ਵਿੱਚ ਮੁਸਕਰਾਉਂਦੇ ਹੋਏ ਅਨੂਠਾ ਆਨੰਦ ਮਾਣਦੇ ਹਨ। ਬਨੇਰੇ ਤੋਂ ਸਿੱਠਣੀਆਂ ਦੀਆਂ ਫੁਹਾਰਾਂ ਪੈ ਰਹੀਆਂ ਹਨ:-

ਜੇ ਕੁੜਮਾਂ ਤੇਰੀਆਂ ਅੱਖਾਂ ਦੁਖਦੀਆਂ
ਮੋਗੇ ਲਾਜ ਕਰਾ ਲੈ ਵੇ
ਕੁੱਛ ਫੈਦਾ ਹੋ ਜੂ
ਇਕ ਗੁੜ ਦੀ ਡਲ਼ੀ
ਇਕ ਤੇਲ ਦੀ ਪਲ਼ੀ

53/ ਪੰਜਾਬੀ ਸਭਿਆਚਾਰ ਦੀ ਆਰਸੀ