ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/85

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਪੂਰਨ ਦੇ ਮੁਖੜੇ ਤੇ ਅਨੂਠਾ ਜਮਾਲ ਸੀ।

ਸਲਵਾਨ ਸੁੰਨ ਹੋਇਆ ਖੜੋਤਾ ਸੀ... ਉਸ ਦੇ ਬੁੱਲ੍ਹ ਫਰਕ ਰਹੇ ਸਨ ਪਰੰਤੂ ਬੋਲਾਂ ਦਾ ਰੂਪ ਨਹੀਂ ਸੀ ਧਾਰ ਰਹੇ। ਲੂਣਾ ਨੇ ਬੜੀ ਅਧੀਨਗੀ ਨਾਲ ਬੇਨਤੀ ਕੀਤੀ, "ਜੋਗੀ ਜੀ, ਸਾਡੇ ਤੇ ਦਿਆ ਕਰੋ ਰਾਜੇ ਨੂੰ ਇਕ ਪੁੱਤਰ ਦੀ ਦਾਤ ਬਖ਼ਸ਼ੋ।"

"ਪੁੱਤ ਤਾਂ ਰਾਜੇ ਦਾ ਹੈਗਾ-ਹੋਰ ਪੁੱਤ ਦੀ ਕੀ ਲੋੜ ਐ", ਜੋਗੀ ਬੁਲ੍ਹਿਆਂ 'ਚ ਮੁਸਕਰਾਇਆ।

"ਜੋਗੀ ਜੀ ਪੁੱਤ ਮੇਰਾ ਹੈ ਨਹੀਂ, ਸੀਗਾ ਪਰ ਕੁਕਰਮ ਕਰਕੇ ਇਸ ਦੁਨੀਆਂ 'ਚ ਨਹੀਂ ਰਿਹਾ।" ਰਾਜੇ ਦਾ ਗਲ਼ਾ ਭਰ ਆਇਆ। ਲੂਣਾ ਦੇ ਸਬਰ ਦਾ ਪਿਆਲਾ ਛਲਕ ਪਿਆ... ਉਹਦੀਆਂ ਅੱਖੀਆਂ 'ਚੋਂ ਪਛਤਾਵੇ ਦੇ ਹੰਝੂ ਵਹਿ ਟੁਰੇ। ਜੋਗੀ ਦੇ ਮਸਤਕ ਦਾ ਤੇਜ਼ ਹੀ ਐਨਾ ਸੀ ਕਿ ਉਸਨੇ ਆਪਣੇ ਜੁਰਮ ਦਾ ਇਕਬਾਲ ਕਰਦਿਆਂ ਆਖਿਆ, "ਜੋਗੀ ਜੀ ਕਸੂਰ ਤਾਂ ਮੇਰਾ ਹੀ ਹੈ ਮੇਰੇ ਪਾਸੋਂ ਪੂਰਨ ਦੇ ਹੁਸਨ ਦੀ ਝਾਲ ਝੱਲੀ ਨਹੀਂ ਸੀ ਗਈ——ਮੈਂ ਡੋਲ ਗਈ ਸਾਂ ਉਹਦਾ ਕੋਈ ਕਸੂਰ ਨਹੀਂ ਸੀ ਮੈਂ ਹੀ ਉਸ ਤੇ ਝੂਠੀ ਤੋਹਮਤ ਲਾਈ ਸੀ..."

ਇਹ ਸੁਣਦੇ ਸਾਰ ਹੀ ਸਲਵਾਨ ਨੇ ਮਿਆਨ ਵਿੱਚੋਂ ਤਲਵਾਰ ਧੂਹ ਲਈ ਤੇ ਲੂਣਾ ਦਾ ਗਲ਼ ਵੱਢਣ ਲਈ ਬਾਂਹ ਉਲਾਰੀ।

ਪੂਰਨ ਨੇ ਫੁਰਤੀ ਨਾਲ਼ ਰਾਜੇ ਦੀ ਬਾਂਹ ਫੜ ਲਈ ਤੇ ਆਖਿਆ, "ਇਹਨੂੰ ਖਿਮਾ ਕਰ ਦੇਵੋ... ਤੁਹਾਡਾ ਪੁੱਤ ਜਿਊਂਦਾ ਹੈ... ਮੈਂ ਹੀ ਆਂ ਤੁਹਾਡਾ ਪੁੱਤ ਪੂਰਨ।"

ਵੈਰਾਗ ਦੇ ਹੰਝੂ ਵਹਿ ਟੁਰੇ ... ਇਛਰਾਂ, ਲੂਣਾ ਤੇ ਸਲਵਾਨ ਪੂਰਨ ਨੂੰ ਚੁੰਮਦੇ-ਚੁੰਮਦੇ ਵਿਸਮਾਦੀ ਅਵਸਥਾ ਵਿੱਚ ਪੁੱਜ ਗਏ। ਉਹਨਾਂ ਨੇ ਪੂਰਨ ਨੂੰ ਆਪਣੇ ਮਹਿਲੀਂ ਚੱਲਣ ਲਈ ਆਖਿਆ... ਪਰੰਤੂ ਪੂਰਨ ਨੇ ਉਹਨਾਂ ਨਾਲ਼ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ... ਉਹ ਤਾਂ ਸਭ ਕੁਝ ਤਿਆਗ ਚੁੱਕਾ ਸੀ।

ਉਹਨੇ ਭਿਖਿਆ ਦੇ ਖੱਪਰ ਵਿਚੋਂ ਚੌਲ਼ ਦਾ ਇਕ ਦਾਣਾ ਚੁੱਕ ਕੇ ਲੂਣਾ ਦੀ ਹਥੇਲੀ ਤੇ ਰੱਖ ਕੇ ਆਖਿਆ, "ਮਾਤਾ ਘਰ ਨੂੰ ਮੁੜ ਜਾਵੋ, ਤੁਹਾਡੀ ਕੁੱਖ ਵੀ ਇਸ ਬਾਗ਼ ਵਾਂਗ ਹਰੀ ਹੋਵੇਗੀ... ਤੁਹਾਡੀ ਝੋਲੀ ਵਿੱਚ ਪੁੱਤਰ ਖੇਡੇਗਾ ਜੋ ਇਸ ਰਾਜੇ ਦਾ ਵਾਰਸ ਬਣੇਗਾ।"

ਪੁੱਤ ਦੀ ਦਾਤ ਦੀ ਬਖ਼ਸ਼ਸ਼ ਕਰਕੇ ਪੂਰਨ ਰੋਕਦਿਆਂ-ਰੋਕਦਿਆਂ ਅਗਾਂਹ ਟੁਰ ਗਿਆ... ਰਾਜਾ ਤੇ ਰਾਣੀਆਂ ਭਰੇ ਨੇਤਰਾਂ ਨਾਲ਼ ਜਾਂਦੇ ਪੁੱਤ ਦੀ ਪਿੱਠ ਵੇਖਦੇ ਰਹੇ...

ਸਮਾਂ ਪਾ ਕੇ ਲੂਣਾਂ ਦੀ ਕੁੱਖ਼ੋਂ ਪੁੱਤਰ ਨੇ ਜਨਮ ਲਿਆ ਜੋ ਰਾਜਾ ਰਸਾਲੂ ਦੇ ਨਾਂ ਨਾਲ ਪ੍ਰਸਿੱਧ ਹੋਇਆ ਜਿਸ ਦੀ ਬਹਾਦਰੀ ਦੀਆਂ ਅਨੇਕਾਂ ਕਹਾਣੀਆਂ ਪ੍ਰਚੱਲਤ ਹਨ।

ਪੰਜਾਬ ਦੇ ਲੋਕ ਨਾਇਕ/81