ਗ਼ਜ਼ਲ
ਦੂਰ ਖੜ੍ਹਾ ਨਾ ਤੂੰ ਨਦੀ ਦੇ ਕਿਨਾਰਿਆਂ ਨੂੰ ਵੇਖ।
'ਵਾਜਾਂ ਮਾਰਦੀਆਂ ਲਹਿਰਾਂ ਦੇ ਇਸ਼ਾਰਿਆਂ ਨੂੰ ਵੇਖ।
ਮੋਰ ਲੂਸ ਗਏ ਪਰਿੰਦਿਆਂ ਦੇ ਖੰਭ ਖਿੰਡ ਗਏ,
ਮੇਘ ਮੰਗਦੇ ਸਾਂ ਮਿਲ ਗਏ ਅੰਗਾਰਿਆਂ ਨੂੰ ਵੇਖ।
ਵੇਖ ਸੱਥਰਾਂ ਦੇ ਨਾਲ ਕਿਵੇਂ ਭਰੇ ਸ਼ਮਸ਼ਾਨ,
ਕਿਵੇਂ ਰਾਤ ਦਿਨ ਚੀਰਦੇ ਨੇ ਆਰਿਆਂ ਨੂੰ ਵੇਖ।
ਐਵੇਂ ਰਾਤ ਦੀ ਉਡੀਕ 'ਚ ਨਾ ਚੁੱਪ ਕੀਤਾ ਬੈਠ,
ਇਨ੍ਹਾਂ ਦਿਨ ਦੀਵੀਂ ਚੜ੍ਹੇ ਚੰਨ-ਤਾਰਿਆਂ ਨੂੰ ਵੇਖ।
ਐਵੇਂ ਮੂਧੜੇ ਮੂੰਹ ਡਿੱਗੀ ਜਾਨੈਂ ਵੇਖ ਕੇ ਮੁਨਾਰੇ,
ਕੋਲ ਵੱਸਦੇ ਨੇ ਜਿਹੜੇ ਛੰਨਾਂ ਢਾਰਿਆਂ ਨੂੰ ਵੇਖ।
ਬੁੱਲ੍ਹ ਊਠ ਦਾ ਜੋ ਲਮਕੇ ਇਹ ਡਿੱਗਣਾ ਨਹੀਂ,
ਚੱਲ ਤੁਰ ਪਉ ਭਰਾਵਾ ਨਾ ਤੂੰ ਲਾਰਿਆਂ ਨੂੰ ਵੇਖ।
ਤੈਨੂੰ ਸੁਣਦੇ ਸਾਂ ਬਾਤ ਨੂੰ ਮੁਕਾ ਕੇ ਬਹਿ ਗਿਆ
ਜਿਹੜੇ ਜਾਗਦੇ ਨੇ ਉਨ੍ਹਾਂ ਦੇ ਹੁੰਗਾਰਿਆਂ ਨੂੰ ਵੇਖ।
ਸਮਤੋਲ ਵਿਚ ਪੈਰ ਤਾਹੀਓਂ ਅੱਗੇ ਜਾਣਗੇ,
ਕਦੇ ਜਿੱਤਿਆਂ ਨੂੰ ਵੇਖ ਕਦੇ ਹਾਰਿਆਂ ਨੂੰ ਵੇਖ।
ਜਿਹੜੇ 'ਨ੍ਹੇਰਿਆਂ 'ਚ ਬਾਲਦੇ ਨੇ ਦੀਵਿਆਂ ਦੀ ਪਾਲ,
ਤੇਰੇ ਆਪਣੇ ਨੇ ਮਿੱਤਰਾਂ ਪਿਆਰਿਆਂ ਨੂੰ ਵੇਖ।
●
ਬੋਲ ਮਿੱਟੀ ਦਿਆ ਬਾਵਿਆ /78