ਸਮੱਗਰੀ 'ਤੇ ਜਾਓ

ਪੰਨਾ:ਮਨ ਤੰਦੂਰ – ਗੁਰਭਜਨ ਗਿੱਲ.pdf/19

ਵਿਕੀਸਰੋਤ ਤੋਂ
ਇਹ ਵਰਕਾ ਤਸਦੀਕ ਕੀਤਾ ਗਿਆ ਏ

ਪੰਜ ਸਦੀਆਂ ਪਰਤ ਕੇ
ਡੇਰਾ ਬਾਬਾ ਨਾਨਕ ਸਰਹੱਦ ਤੇ ਖਲੋ ਕੇ

ਪੰਜ ਸਦੀਆਂ ਪਰਤ ਕੇ ਨਾਨਕ ਪਿਆਰਾ ਵੇਖਿਆ।
ਕਿਰਤ ਦਾ ਕਰਤਾਰਪੁਰ ਵੱਖਰਾ ਨਜ਼ਾਰਾ ਵੇਖਿਆ।

ਖੇਤਾਂ ਨੂੰ ਵਾਹੁੰਦਾ, ਬੀਜਦਾ ਤੇ ਆਪ ਪਾਲਣਹਾਰ ਹੈ।
ਜਪਦਾ ਨਾ ਕੱਲ੍ਹੇ ਨਾਮ ਨੂੰ, ਹੱਥੀਂ ਵੀ ਕਰਦਾ ਕਾਰ ਹੈ।
ਗ਼ਰਜ਼ਮੰਦਾਂ ਵੰਡਦਾ ਅੰਨ ਦਾ ਭੰਡਾਰਾ ਵੇਖਿਆ।
ਕਿਰਤ ਦਾ ਕਰਤਾਰਪੁਰ ...।

ਕੱਢਦਾ ਸਿਆੜ੍ਹ ਫੇਰ ਖ਼ੁਦ, ਰੂਹਾਂ 'ਚ ਬਾਣੀ ਕੇਰਦਾ।
ਮਾਲਾ ਨਾ ਕੱਲ੍ਹੀ ਘੁੰਮਦੀ, ਮਨ ਦੇ ਵੀ ਮਣਕੇ ਫੇਰਦਾ।
ਰਾਵੀ ਦੇ ਕੰਢੇ ਵਰਤਦਾ ਅਦਭੁਤ ਨਜ਼ਾਰਾ ਵੇਖਿਆ।
ਕਿਰਤ ਦਾ ਕਰਤਾਰਪੁਰ ...।

ਨਿਸ਼ਕਾਮ ਨਿਰਛਲ ਨੀਰ ਨੂੰ ਅੰਗਦ ਬਣਾਇਆ ਲਹਿਣਿਓਂ।
ਸੇਵਾ ਹੈ ਏਦਾਂ ਮੌਲਦੀ, ਮਿਲਦਾ ਬਿਨਾ ਕੁਝ ਕਹਿਣਿਓਂ।
ਬਿਨ ਬੋਲਿਆਂ ਸਭ ਜਾਣਦਾ, ਐਸਾ ਪਿਆਰਾ ਵੇਖਿਆ।
ਕਿਰਤ ਦਾ ਕਰਤਾਰਪੁਰ ...।

ਪੰਜ ਸਦੀਆਂ ਬਾਦ ਅੱਜ ਰਟਦੇ ਹਾਂ ਤੇਰੇ ਨਾਮ ਨੂੰ।
ਛੇੜਦਾ ਨਾ ਸੁਰ ਸੁਰੀਲਾ ਹੁਣ ਕੋਈ ਸੁਬਹ ਸ਼ਾਮ ਨੂੰ।
ਸੁਰਤਿ ਦਾ ਤਾਹੀਓਂ ਹੀ ਤਾਂ ਪੈਂਦਾ ਖਿਲਾਰਾ ਵੇਖਿਆ।
ਕਿਰਤ ਦਾ ਕਰਤਾਰਪੁਰ ...।

ਮਨ ਤੰਦੂਰ/ 19