ਪੰਨਾ:ਮਨ ਦੇ ਬੂਹੇ ਬਾਰੀਆਂ – ਗੁਰਭਜਨ ਗਿੱਲ.pdf/100

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸਿਰਾਂ 'ਤੇ ਰਾਤ ਹੈ ਕਾਲੀ ਭਰਾਓ ਜਾਗਦੇ ਰਹੀਏ।
ਕਿਤੇ ਪੱਥਰ ਨਾ ਹੋ ਜਾਈਏ ਦਿਲਾਂ ਦੀ ਵੇਦਨਾ ਕਹੀਏ।

ਇਹ ਏਨੇ ਸਾਲ ਵਿਚ ਪਹੁੰਚੀ ਕਿਤੇ ਨਾ ਦੋਸਤੋ ਗੱਡੀ,
ਬਥੇਰੇ ਹਿੱਕ ਸਾਡੀ ਨੇ ਲੰਘਾਏ ਰੇਲ ਦੇ ਪਹੀਏ।

ਅਸੀਂ ਮੁਜਰਿਮ ਦੇ ਵਾਂਗੂ ਲੰਘਦੇ ਹਾਂ ਰਾਜਪਥ ਕੋਲੋਂ,
ਤਲਾਸ਼ੀ ਵਾਲਿਆਂ ਕੋਲੋਂ ਕਿਤੇ ਪੱਗ ਨਾ ਲੁਹਾ ਬਹੀਏ।

ਮਲਾਹਾਂ ਅੱਧ ਵਿਚ ਦਰਿਆ ਦੇ ਆ ਬੇੜੀ ਖਲ੍ਹਾਰੀ ਹੈ,
ਤੁਸੀਂ ਦੱਸੋ ਕਿ ਇਸਨੂੰ ਦੋਸਤੀ ਜਾਂ ਦੁਸ਼ਮਣੀ ਕਹੀਏ।

ਸਿਰਫ਼ ਸਿਦਕ ਤੇ ਵਿਸ਼ਵਾਸ ਮੇਰੇ ਨਾਲ ਤੁਰਦਾ ਹੈ,
ਉਸ ਦੇ ਆਸਰੇ ਹਰ ਹਾਲ ਵਿਚ ਸਿੱਧੇ ਖੜ੍ਹੇ ਰਹੀਏ।

ਜਦੋਂ ਮੌਸਮ ਨੇ ਅੱਜ ਤੱਕ ਨਾਲ ਸਾਡੇ ਨਾ ਵਫ਼ਾ ਕੀਤੀ,
ਅਸੀਂ ਵੀ ਕਿਹੜੇ ਸਾਕੋਂ ਏਸ ਦੀ ਯਾਰੋ ਤੜੀ ਸਹੀਏ।

100-ਮਨ ਦੇ ਬੂਹੇ ਬਾਰੀਆਂ