ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/114

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਨਾਭੇ ਪੁਚਾਣ ਦੀ ਕੋਈ ਸਕੀਮ ਸੋਚ-ਸਾਰੀ ਉਮਰ ਤੇਰਾ ਅਹਿਸਾਨ ਨਹੀਂ ਭੁੱਲਾਂਗੀ।" ਪਰਤਾਪੀ ਨੇ ਆਪਣਾ ਸਿਰ ਭੋਲੀ ਦੀ ਗੋਦੀ ਵਿੱਚ ਸੁੱਟ ਦਿੱਤਾ ਤੇ ਡੁਸਕਣ ਲੱਗ ਪਈ।

"ਅੜੀਏ ਹੌਸਲਾ ਕਰ, ਮੈਂ ਆਪਣੇ ਦਲੇਲ ਨਾਲ਼ ਗੱਲ ਕਰਕੇ ਤੇਰਾ ਕੋਈ ਬੰਦੋਬਸਤ ਕਰਦੀ ਆਂ...ਉਹ ਤੈਨੂੰ ਸਰਦਾਰ ਕੋਲ ਛੱਡ ਆਵੇਗਾ। ਹੁਣ ਪੁੰਝ ਛੱਡ ਇਹ ਹੰਝੂ।" ਭੋਲੀ ਨੇ ਹੌਸਲਾ ਦਿੱਤਾ।

"ਭੋਲੀਏ ਤੇਰਾ ਕਰਜ਼ ਕਿਵੇਂ ਚੁਕਾਵਾਂਗੀ?"
"ਬਸ ਦਿਲ ਦੀ ਭਾਫ ਦਿਲ ਵਿੱਚ ਹੀ ਰੱਖ। ਔਹ ਨਰੈਣੀ ਆਉਂਦੀ ਪਈ ਹੈ।"

ਭੋਲੀ ਨੇ ਪਰਤਾਪੀ ਦੀਆਂ ਅੱਖਾਂ ਵਿੱਚ ਅਨੋਖੀ ਚਮਕ ਵੇਖੀ ਤੇ ਬੁੱਲ੍ਹਾਂ ਵਿੱਚ ਮੁਸਕਰਾਈ।

ਆਥਣ ਸਮੇਂ ਭੋਲੀ ਨੇ ਆਪਣੇ ਘਰ ਵਾਲ਼ੇ-ਦਲੇਲ ਗੁੱਜਰ ਨਾਲ਼ ਪਰਤਾਪੀ ਨੂੰ ਨਾਭੇ ਛੱਡ ਆਉਣ ਬਾਰੇ ਗੱਲ ਤੋਰੀ।

ਅਗਲੀ ਭਲ਼ਕ ਦਲੇਲ ਨੇ ਰੁਪਾਲੋਂ ਜਾ ਕੇ ਕਾਕੇ ਦੀ ਮਾਂ ਅਤਰੀ ਨੂੰ ਪਰਤਾਪੀ ਦੇ ਨਾਭੇ ਜਾਣ ਬਾਰੇ ਦੱਸ ਦਿੱਤਾ। ਪਰਤਾਪੀ ਦਾ ਕਾਕੇ ਕੋਲ਼ ਨਾਭੇ ਜਾਣਾ ਸੁਣ ਕੇ ਅਤਰੀ ਦੇ ਸਿਰ ਜਿਵੇਂ ਸੌ ਘੜਾ ਪਾਣੀ ਦਾ ਪੈ ਗਿਆ ਹੋਵੇ। ਉਹ ਮੱਥਾ ਫੜ੍ਹ ਕੇ ਬੈਠ ਗਈ। ਇਕ ਪਲ ਉਹ ਸੁੰਨ ਬੈਠੀ ਰਹੀ, ਆਖਰ ਉਸ ਦੇ ਬੁੱਲ੍ਹ ਕੰਬੇ, "ਨਹੀਂ, ਨਹੀਂ ਹੋਣ ਦਿਆਂਗੀ, ਜ਼ੈਲਦਾਰ ਕਾਹਨ ਸਿੰਘ ਦੀ ਨੂੰਹ ਕਮੀਣ ਸੁਨਿਆਰ ਦੀ ਧੀ ਨਹੀਂ ਬਣ ਸਕਦੀ। ਨਹੀਂ ਬਣ ਸਕਦੀ। ਜੇ ਪਰਤਾਪੀ ਕਾਕੇ ਦੇ ਵਸ ਗਈ ਤਾਂ ਸਾਡੇ ਖਾਨਦਾਨ ਦੀ ਇੱਜ਼ਤ ਮਿੱਟੀ ਵਿੱਚ ਮਿਲ਼ ਜਾਵੇਗੀ। ਅਸੀਂ ਵੱਡੇ ਸਰਦਾਰ ਕਿਸੇ ਪਾਸੇ ਵੀ ਆਪਣਾ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ। ਵੀਰ ਮੇਰਿਆ ਕੁੱਝ ਵੀ ਕਰ। ਸਾਡੀ ਇੱਜ਼ਤ ਬਚਾ ਨੂੰ ਅੱਗੇ ਵੀ ਸਾਡੇ ਤੇ ਬਹੁਤ ਅਹਿਸਾਨ ਕੀਤੇ ਨੇ। ਆਹ ਲੈ ਪੰਜ ਸੌ ਰੁਪਏ। ਪਰਤਾਪੀ ਨੂੰ ਕਿਧਰੇ ਮੁਕਾ ਛੱਡ। ਮੈਂ ਤੇਰੇ ਪੈਰੀਂ ਪੈਨੀ ਆਂ।" ਅਤਰੀ ਨੇ ਆਪਣੀ ਚੁੰਨੀ ਦਲੇਲ ਦੇ ਪੈਰਾਂ ਤੇ ਰੱਖ ਦਿੱਤੀ।

ਅਤਰੀ ਦੀ ਹਾਲਤ ਦਲੇਲ ਪਾਸੋਂ ਸਹਾਰੀ ਨਾ ਗਈ। ਐਡੇ ਵੱਡੇ ਜਗੀਰਦਾਰਾਂ ਦੀ ਬਹੂ ਰਾਣੀ ਉਹਦੇ ਅੱਗੇ ਝੋਲੀ ਅੱਡੀ ਖੜ੍ਹੀ ਸੀ। ਉਹਨੇ ਪਰਤਾਪੀ ਨੂੰ ਪਾਰ ਬੁਲਾਉਣ ਦਾ ਇਕਰਾਰ ਅਤਰੀ ਨੂੰ ਦੇ ਦਿੱਤਾ।

ਰੁਪਾਲੋਂ ਦੇ ਲਾਗਲੇ ਪਿੰਡ ਚੱਕ ਦਾ ਸਯਦ ਮੁਹੰਮਦ, ਦਲੇਲ਼ ਦਾ ਯਾਰ ਸੀ। ਉਹ ਨੇ ਉਸ ਨੂੰ ਵੀ ਪਰਤਾਪੀ ਨੂੰ ਮਾਰਨ ਦੇ ਕਾਰਜ ਵਿੱਚ ਆਪਣਾ ਭਾਈਵਾਲ ਬਣਾ ਲਿਆ। ਅੰਨ੍ਹਾ ਲਾਲਚ ਚੰਗੇ ਭਲਿਆਂ ਨੂੰ ਵਿਗਾੜ ਦਿੰਦਾ ਹੈ।

ਦਲੇਲ ਨੇ ਭੋਲੀ ਹੱਥ ਪਰਤਾਪੀ ਨੂੰ ਤਿਆਰੀ ਕਰਨ ਲਈ ਸੁਨੇਹਾ ਭੇਜ ਦਿੱਤਾ। ਮਾਹੀ ਪਾਸ ਜਾਣ ਦਾ ਸੱਦਾ ਸੁਣ ਉਹ ਖਿੜੇ ਫੁੱਲ ਵਾਂਗ ਖਿੜ ਪਈ।

ਪੱਛਮ ਵੱਲ ਸੂਰਜ ਦੀ ਲਾਲੀ ਕਾਲੋਂ ਦਾ ਰੂਪ ਧਾਰ ਰਹੀ ਸੀ। ਤਾਰੇ ਲੁਕਣ ਮੀਟੀ ਖੇਡਣ ਲੱਗ ਪਏ ਸਨ। ਦਲੇਲ ਵਿਛੜੀ ਕੂੰਜ ਨੂੰ ਨਾਲ਼ ਲੈ ਚਾਵਾ-ਪੈਲ ਸਟੇਸ਼ਨ ਨੂੰ ਤੁਰ ਪਿਆ। ਲੋਪੋਂ ਤੋਂ ਚਾਵਾ-ਪੈਲ ਤੀਕਰ ਟਿੱਬੇ ਹੀ ਟਿੱਬੇ ਸਨ।

112/ਮਹਿਕ ਪੰਜਾਬ ਦੀ