ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/96

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਤੇ ਹੁਣ ਖੀਵੇ ਨੂੰ ਮਿਰਜ਼ਾ ਸਾਹਿਬਾਂ ਦਾ ਹੱਸਣਾ, ਖੇਡਣਾ, ਉੱਠਣਾ, ਬੈਠਣਾ ਪਹਿਲਾਂ ਵਰਗਾ ਨਿੱਘ ਨਹੀਂ ਸੀ ਦੇਂਦਾ। ਉਸ ਆਪਣੀ ਭੈਣ ਦਾਨਾਬਾਦ ਤੋਂ ਮੰਗਵਾ ਲਈ ਤੇ ਮਿਰਜ਼ੇ ਨੂੰ ਉਹਦੇ ਨਾਲ਼ ਤੋਰ ਦਿੱਤਾ।

ਸਾਹਿਬਾਂ ਤੋਂ ਵਿਛੜ ਜਾਣਾ ਮਿਰਜ਼ੇ ਲਈ ਸੁਖੇਰਾ ਨਹੀਂ ਸੀ। ਮਿਰਜ਼ੇ ਨੇ ਦਿਲ ’ਤੇ ਪੱਥਰ ਰੱਖ ਲਿਆ ਤੇ ਸਾਹਿਬਾਂ ਦੀ ਯਾਦ ਦੇ ਸਹਾਰੇ ਆਪਣੇ ਪਿੰਡ ਦਾਨਾਬਾਦ ਆ ਗਿਆ।

ਮਿਰਜ਼ੇ ਦੇ ਕੁਸ਼ਤੀ ਕਰਨ, ਨੇਜ਼ਾਬਾਜ਼ੀ ਤੇ ਸ਼ਿਕਾਰ ਆਦਿ ਖੇਡਣ ਦੇ ਸ਼ੌਂਕ ਵੀ ਉਹਦੇ ਮਨ ਨੂੰ ਸਾਹਿਬਾਂ ਵੱਲੋਂ ਨਾ ਮੋੜ ਸਕੇ।

ਮਿਰਜ਼ੇ ਬਿਨਾਂ ਸਾਹਿਬਾਂ ਦਾ ਜਹਾਨ ਸੁੰਨਾ ਹੋ ਗਿਆ। ਉਹ ਬੜੀ ਰੁੰਨੀ। ਮਤਰੇਈ ਮਾਂ ਦੇ ਨਿੱਤ ਦੇ ਤਾਹਨੇ ਉਹਨੂੰ ਛਲਣੀ ਕਰਨ ਲੱਗੇ।

ਤੇ ਖੀਵਾ ਖ਼ਾਨ ਸਾਹਿਬਾਂ ਦੀ ਮੰਗਣੀ ਚੰਧੜਾਂ ਦੇ ਇੱਕ ਮੁੰਡੇ ਨਾਲ਼ ਕਰ ਆਇਆ ਤੇ ਵਿਆਹ ਦੇ ਦਿਨ ਵੀ ਧਰ ਦਿੱਤੇ। ਜਦੋਂ ਆਪਣੇ ਮੰਗਣੇ ਅਤੇ ਵਿਆਹ ਦੀ ਕਨਸੋਂ ਸਾਹਿਬਾਂ ਦੇ ਕੰਨੀਂ ਪਈ ਤਾਂ ਉਹ ਤੜਪ ਉੱਠੀ, ਹਨ੍ਹੇਰਾ ਉਹਦੀਆਂ ਅੱਖਾਂ ਅੱਗੇ ਛਾ ਗਿਆ ਤੇ ਅਗਲੀ ਭਲਕ ਉਹਨੇ ਆਪਣੇ ਪਿੰਡ ਦੇ ਕਰਮੂ ਪਰੋਹਤ ਕੋਲ ਮਿਰਜ਼ੇ ਲਈ ਸੁਨੇਹਾ ਘੱਲ ਦਿੱਤਾ।

ਸਾਹਿਬਾਂ ਦਾ ਸੁਨੇਹਾ ਮਿਲਦੇ ਸਾਰ ਹੀ ਮਿਰਜ਼ਾ ਤੜਪ ਉੱਠਿਆ। ਉਹਦੇ ਡੌਲੇ ਫਰਕੇ। ਉਹਨੇ ਆਪਣਾ ਤੀਰਾਂ ਦਾ ਤਰਕਸ਼, ਕਮਾਨ ਤੇ ਨੇਜ਼ਾ ਸੰਭਾਲਿਆ ਤੇ ਆਪਣੀ ਪਿਆਰੀ ਬੱਕੀ ਤੇ ਸਵਾਰ ਹੋ ਕੇ ਝੰਗ ਨੂੰ ਤੁਰ ਪਿਆ। ਬੱਕੀ ਰੇਵੀਆ ਚਾਲ ਫੜਦੀ ਹਵਾ ਨਾਲ਼ ਗੱਲਾਂ ਕਰਨ ਲੱਗੀ।

ਮਿਰਜ਼ਾ ਜਦੋਂ ਝੰਗ ਪੁੱਜਾ, ਚਾਰੇ ਬੰਨੇ ਹਨ੍ਹੇਰਾ ਪਸਰਿਆ ਹੋਇਆ ਸੀ। ਸਾਹਿਬਾਂ ਦੀ ਬਰਾਤ ਪਿੰਡ ਢੁੱਕ ਚੁੱਕੀ ਸੀ ਤੇ ਜਾਂਜੀ ਸ਼ਰਾਬ ਵਿੱਚ ਮਸਤ ਆਤਸ਼ਬਾਜ਼ੀਆਂ ਚਲਾ ਰਹੇ ਸਨ, ਮੁਜਰੇ ਸੁਣ ਰਹੇ ਸਨ।

ਮਿਰਜ਼ਾ ਬੀਬੋ ਨਾਇਣ ਦੇ ਘਰ ਜਾ ਪੁੱਜਾ। ਸਾਹਿਬਾਂ ਨੂੰ ਬੀਬੋ ਖ਼ਬਰ ਦੇ ਆਈ। ਉਹ ਘਰਦਿਆਂ ਪਾਸੋਂ ਅੱਖ ਬਚਾ ਕੇ ਉੱਥੇ ਪੁੱਜ ਗਈ। ਉਸ ਮਿਰਜ਼ੇ ਦੁਆਲੇ ਬਾਹਾਂ ਵਲ ਦਿੱਤੀਆਂ ਤੇ ਡੁਸਕਦੀ ਹੋਈ ਬੋਲੀ,

-"ਮਿਰਜ਼ਿਆ ਮੈਂ ਤੇਰੇ ਬਿਨਾਂ ਕਿਸੇ ਹੋਰ ਨੂੰ ਆਪਣਾ ਨਹੀਂ ਬਣਾ ਸਕਦੀ। ਅੱਧੀ ਰਾਤ ਹੋ ਚੁੱਕੀ ਏ, ਕੁਝ ਸੋਚ, ਕੁਝ ਉਪਾਅ ਕਰ।"

ਬਾਹਰੋਂ ਮਿਰਜ਼ੇ ਦੀ ਬੱਕੀ ਹਿਣਹਣਾਈ।

ਤੇ ਮਿਰਜ਼ਾ ਸਾਹਿਬਾਂ ਨੂੰ ਬੱਕੀ ਤੇ ਚੜ੍ਹਾ ਕੇ ਦਾਨਾਬਾਦ ਨੂੰ ਨੱਸ ਟੁਰਿਆ।

ਕਾਜ਼ੀ ਹੋਰੀਂ ਨਿਕਾਹ ਪੜ੍ਹਾਉਣ ਲਈ ਪੁੱਜ ਗਏ। ਖੀਵੇ ਹੋਰਾਂ ਸਾਰਾ ਘਰ ਛਾਣ ਮਾਰਿਆ, ਸਾਹਿਬਾਂ ਕਿਧਰੇ ਵਖਾਈ ਨਾ ਦਿੱਤੀ। ਕਿਸੇ ਆਖਿਆ, "ਰਾਤੀਂ ਮੈਂ ਮਿਰਜ਼ੇ ਨੂੰ ਆਉਂਦੇ ਵੇਖਿਆ ਹੈ। ਹੋ ਸਕਦਾ ਹੈ ਉਹ ਹੀ ਸਾਹਿਬਾਂ ਨੂੰ ਉਧਾਲ ਕੇ ਲੈ ਗਿਆ ਹੋਵੇ।"

94/ਮਹਿਕ ਪੰਜਾਬ ਦੀ