ਪੰਨਾ:ਮੈਂ ਨਾਸਤਿਕ ਕਿਉਂ ਹਾਂ? – ਭਗਤ ਸਿੰਘ.pdf/6

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਆਇਆ, ਜੋ ਉਨ੍ਹੀਂ ਦਿਨੀਂ ਸੀ.ਆਈ.ਡੀ. ਦਾ ਸੀਨੀਅਰ ਸੁਪਰਡੈਂਟ ਹੁੰਦਾ ਸੀ। ਉਹਨੇ ਮੇਰੇ ਨਾਲ਼ ਲੰਮੀ-ਚੌੜੀ ਹਮਦਰਦ ਗੱਲਬਾਤ ਮਗਰੋਂ ਆਪਣੇ ਚਿੱਤੋਂ ਮੈਨੂੰ ਬੜੀ ਮਾੜੀ ਖ਼ਬਰ ਦਿੱਤੀ ਕਿ ਜੇ ਮੈਂ ਉਨ੍ਹਾਂ ਦੀ ਮਰਜ਼ੀ ਮੁਤਾਬਕ ਕੋਈ ਬਿਆਨ ਨਾ ਦਿੱਤਾ, ਤਾਂ ਉਹ ਮੇਰੇ ਉੱਤੇ ਕਾਕੋਰੀ ਮੁਕੱਦਮੇ ਦੇ ਸਬੰਧ ਵਿੱਚ ਜੰਗ ਛੇੜਨ ਦੀ ਸਾਜ਼ਸ਼ ਅਤੇ ਦੁਸਹਿਰਾ ਬੰਬ ਸਾਕੇ ਦੇ ਵਹਿਸ਼ੀ ਕਤਲਾਂ ਦਾ ਮੁਕੱਦਮਾ ਚਲਾਉਣ ਲਈ ਮਜ਼ਬੂਰ ਹੋਣਗੇ। ਫੇਰ ਉਹ ਮੈਨੂੰ ਆਖਣ ਲੱਗਾ ਕਿ ਮੈਨੂੰ ਸਜ਼ਾ ਦਿਵਾਉਣ ’ਤੇ ਫਾਹੇ ਲਾਉਣ ਲਈ ਉਹਨਾਂ ਕੋਲ ਗਵਾਹੀ ਮੌਜੂਦ ਹੈ। ਉਨੀਂ ਦਿਨੀਂ ਮੇਰਾ ਵਿਸ਼ਵਾਸ ਸੀ-ਭਾਵੇਂ ਮੈਂ ਬਿਲਕੁੱਲ ਮਾਸੂਮ ਸੀ- ਕਿ ਪੁਲਿਸ ਜੋ ਦਾਅਵੇ ਕਰ ਸਕਦੀ ਹੈ, ਉਹ ਕਰ ਵੀ ਸਕਦੀ ਹੈ। ਉਸੇ ਦਿਨ ਕੁੱਝ ਪੁਲਿਸ ਅਫ਼ਸਰ ਦੋਵੇਂ ਵੇਲੇ ਰੱਬ ਦਾ ਨਾਂ ਲੈਣ ਲਈ ਮੈਨੂੰ ਪ੍ਰੇਰਨ ਲੱਗ ਪਏ। ਮੈਂ ਨਾਸਤਿਕ ਸੀ। ਮੈਂ ਆਪਣੇ ਆਪ ਨਾਲ਼ ਫ਼ੈਸਲਾ ਕਰਨਾ ਚਾਹੁੰਦਾ ਸਾਂ ਕਿ ਕੀ ਮੈਂ ਅਮਨ ਚੈਨ ਤੇ ਖ਼ੁਸ਼ੀ ਦੇ ਦਿਨਾਂ ਵਿੱਚ ਨਾਸਤਿਕ ਹੋਣ ਦੀ ਫੜ ਮਾਰ ਸਕਦਾ ਹਾਂ ਜਾਂ ਇਹੋ ਜਿਹੀ ਔਖੀ ਘੜੀ ਵਿੱਚ ਮੈਂ ਆਪਣੇ ਅਸੂਲਾਂ ਉੱਤੇ ਸਾਬਤ ਕਦਮ ਰਹਿ ਸਕਦਾ ਹਾਂ ਜਾਂ ਨਹੀਂ, ਬੜੀ ਸੋਚ-ਵਿਚਾਰ ਮਗਰੋਂ ਮੈਂ ਫ਼ੈਸਲਾ ਕੀਤਾ ਕਿ ਮੈਂ ਰੱਬ ਵਿੱਚ ਯਕੀਨ ਨਹੀਂ ਕਰ ਸਕਦਾ ਤੇ ਨਾ ਹੀ ਅਰਦਾਸ ਕਰ ਸਕਦਾ ਹਾਂ। ਮੈਂ ਕਦੇ ਵੀ ਅਰਦਾਸ ਨਾ ਕੀਤੀ। ਇਹ ਪਰਖ ਦੀ ਘੜੀ ਸੀ ਤੇ ਮੈਂ ਇਸ ਪਰਖ ਵਿੱਚੋਂ ਕਾਮਯਾਬ ਰਿਹਾ। ਮੈਂ ਕਦੇ ਇੱਕ ਪਲ ਵੀ ਕਿਸੇ ਵੀ ਕੀਮਤ ’ਤੇ ਆਪਣੀ ਜਾਨ ਬਚਾਉਣ ਬਾਰੇ ਨਹੀਂ ਸੋਚਿਆ ਸੀ। ਸੋ ਮੈਂ ਪੱਕਾ ਨਾਸਤਿਕ ਸੀ ਤੇ ਉਦੋਂ ਤੋਂ ਲੈ ਕੇ ਹੁਣ ਤੱਕ ਹਾਂ। ਉਸ ਅਜ਼ਮਾਇਸ਼ ਵਿੱਚ ਪੂਰਾ ਉਤਰਨਾ ਕੋਈ ਸੌਖੀ ਗੱਲ ਨਹੀਂ ਸੀ। ‘ਵਿਸ਼ਵਾਸ’ ਮੁਸ਼ਕਿਲਾਂ ਨੂੰ ਘੱਟ ਕਰ ਦੇਂਦਾ ਹੈ, ਇੱਥੋਂ ਤੱਕ ਕਿ ਉਹਨਾਂ ਨੂੰ ਖ਼ੁਸ਼ਗਵਾਰ ਬਣਾ ਦਿੰਦਾ ਹੈ। ਬੰਦਾ ਰੱਬ ਵਿੱਚ ਧਰਵਾਸ ਅਤੇ ਆਸਰੇ ਦਾ ਬਹੁਤ ਜ਼ੋਰਦਾਰ ਅਹਿਸਾਸ ਲੱਭ ਸਕਦਾ ਹੈ। ‘ਉਹਦੇ’ ਤੋਂ ਬਿਨਾਂ ਮਨੁੱਖ ਨੂੰ ਆਪਣੇ ਆਪ ਉੱਤੇ ਨਿਰਭਰ ਹੋਣਾ ਪੈਂਦਾ ਹੈ। ਝੱਖੜ-ਝਾਂਜਿਆਂ ਤੇ ਤੂਫਾਨਾਂ ਵਿੱਚ ਸਾਬਤ-ਕਦਮ ਰਹਿਣਾ ਬੱਚਿਆਂ ਦੀ ਖੇਡ ਨਹੀਂ। ਇਹੋ ਜਿਹੀਆਂ ਅਜ਼ਮਾਇਸ਼ੀ ਘੜੀਆਂ ਵਿੱਚ ਕਿਸੇ ਵਿੱਚ ਕੋਈ ਹਾਉਮੇ ਬਚੀ ਹੋਵੇ ਤਾਂ ਉਹ ਕਾਫ਼ੂਰ ਹੋ ਜਾਂਦੀ ਹੈ ਅਤੇ ਮਨੁੱਖ ਆਮ ਵਿਸ਼ਵਾਸਾਂ ਨੂੰ ਉਲੰਘਣ ਦੀ ਹਿੰਮਤ ਤੱਕ ਨਹੀਂ ਕਰ ਸਕਦਾ। ਜੇ ਉਹ ਹਿੰਮਤ ਕਰਦਾ ਹੈ ਤਾਂ ਸਾਨੂੰ ਇਹ ਕਹਿਣਾ ਪਵੇਗਾ ਕਿ ਉਸ ਵਿੱਚ ਨਿੱਜੀ ਹਾਉਮੇ ਨਾਲੋਂ ਹੋਰ ਕੋਈ ਤਾਕਤ ਵੀ ਹੁੰਦੀ ਹੋਣੀ ਹੈ। ਹੁਣ ਬਿਲਕੁੱਲ ਇਹੀ ਹਾਲਤ ਹੈ। ਪਹਿਲਾਂ ਹੀ ਚੰਗੀ ਤਰ੍ਹਾਂ ਪਤਾ ਹੈ ਕਿ (ਸਾਡੇ ਮੁਕੱਦਮੇ ਦਾ) ਕੀ ਫ਼ੈਸਲਾ ਹੋਏਗਾ। ਹਫ਼ਤੇ ਦੇ ਵਿੱਚ ਵਿਚ ਫ਼ੈਸਲਾ ਸੁਣਾ ਦਿੱਤਾ ਜਾਏਗਾ। ਮੈਂ ਆਪਣੀ ਜ਼ਿੰਦਗੀ ਆਦਰਸ਼ ਖ਼ਾਤਰ ਕੁਰਬਾਨ ਕਰ ਦੇਣੀ ਹੈ, ਇਸ ਵਿਚਾਰ ਤੋਂ ਬਿਨਾਂ ਮੇਰਾ ਹੋਰ ਕਿਹੜਾ ਧਰਵਾਸ ਹੈ ? ਕਿਸੇ ਆਸਤਿਕ ਹਿੰਦੂ ਨੂੰ ਤਾਂ ਦੂਜੇ ਜਨਮ ਵਿੱਚ ਬਾਦਸ਼ਾਹ ਬਣਨ ਦੀ ਆਸ ਹੋ ਸਕਦੀ ਹੈ, ਕੋਈ ਮੁਸਲਮਾਨ ਜਾਂ ਈਸਾਈ ਤਾਂ ਆਪਣੀਆਂ ਮੁਸ਼ਕਲਾਂ ਤੇ ਕੁਰਬਾਨੀਆਂ ਬਦਲੇ ਸਵਰਗ ਦੀਆਂ ਐਸ਼ੋ-ਇਸ਼ਰਤਾਂ ਦੀ ਕਲਪਨਾ ਕਰ ਸਕਦਾ ਹੈ। ਪਰ ਮੈਂ ਕਿਸ ਗੱਲ ਦੀ ਆਸ ਰੱਖਾਂ ? ਮੈਨੂੰ ਪਤਾ ਹੈ ਕਿ ਜਿਸ ਪਲ ਮੇਰੇ ਗਲ