ਪੰਨਾ:ਸ਼ਗਨਾਂ ਦੇ ਗੀਤ - ਸੁਖਦੇਵ ਮਾਦਪੁਰੀ.pdf/93

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਹੈ। ਮਰਦ ਉਸ ਤੇ ਸਦਾ ਜ਼ੁਲਮ ਕਰਦਾ ਆਇਆ ਹੈ, ਉਹ ਉਹਨੂੰ ਮਾਰਦਾ ਕੁਟਦਾ ਹੈ, ਗੰਦੀਆਂ ਗਾਲ਼ੀਆਂ ਕਢਦਾ ਹੈ। ਸੱਸ ਸਹੁਰੇ ਦਾ ਦਾਬਾ ਵਖਰਾ। ਪੰਜਾਬਣ ਸਦਾ ਸੁੰਗੜੀ ਰਹੀ ਹੈ। ਸਿਰਫ ਵਿਆਹ ਦਾ ਹੀ ਅਸਰ ਹੁੰਦਾ ਹੈ ਜਿੱਥੇ ਉਹ ਆਪਣੇ ਦੱਬੇ ਭਾਂਬੜ ਬਾਹਰ ਕਢਦੀ ਹੈ। ਉਹ ਸਿਠਣੀਆਂ ਦੇ ਰੂਪ ਵਿਚ ਲਾੜੇ ਨੂੰ, ਉਸ ਦੇ ਮਾਂ, ਬਾਪ, ਭੈਣਾਂ ਨੂੰ ਖੂਬ ਪੁਣਦੀ ਹੈ, ਉਹਨਾਂ ਦੀਆਂ ਕਮਜ਼ੋਰੀਆਂ ਦਾ ਮਖੌਲ ਉਡਾਉਂਦੀ ਹੈ। ਇਸ ਤੋਂ ਬਿਨਾਂ ਉਹ ਲਾੜੇ ਦੀ ਮਾਂ ਅਤੇ ਭੈਣ ਨੂੰ ਕਾਮੁਕ ਸਿਠਣੀਆਂ ਦੇ ਕੇ ਅਪਣੀਆਂ ਅਤੇ ਕਾਮੁਕ ਭਾਵਨਾਵਾਂ ਨੂੰ ਤ੍ਰਿਪਤ ਕਰਨ ਦਾ ਉਪਰਾਲਾ ਕਰਦੀ ਹੈ! ਹਰ ਪਾਸੇ ਮਖੌਲ ਹੀ ਮਖੌਲ, ਕੋਈ ਗੁੱਸੇ ਦਾ ਪ੍ਰਤੀਕਰਮ ਨਹੀਂ। ਫੇਰ ਉਹ ਅਜਿਹੇ ਅਵਸਰ ਦਾ ਲਾਭ ਕਿਉਂ ਨਾ ਉਠਾਵੇ
ਨਾਨਕਿਆਂ ਦੇ ਮੇਲ਼ ਦਾ ਵਿਆਹ ਵਿਚ ਵਿਸ਼ੇਸ਼ ਹੱਥ ਹੁੰਦਾ ਹੈ-ਜਿਵੇਂ ਕਹਿੰਦੇ ਹਨ ਨਾਨਕਿਆਂ ਦਾ ਅੱਧਾ ਵਿਆਹ ਹੁੰਦਾ ਹੈ ਚਾਹੇ ਕੁੜੀ ਦਾ ਹੋਵੇ ਚਾਹੇ ਮੁੰਡੇ ਦਾ। ਇਸੇ ਕਰਕੇ ਨਾਨਕਿਆਂ ਦਾ ਮੇਲ਼ ਸਿਠਣੀਆਂ ਦੇ ਪਿੜ ਵਿਚ ਮੁਖ ਨਿਸ਼ਾਨਾ ਬਣਿਆਂ ਹੁੰਦਾ ਹੈ।
ਜਦੋਂ ਨਾਨਕਾ ਮੇਲ਼ ਆਉਂਦਾ ਹੈ ਤਾਂ ਪਿੰਡੋਂ ਬਾਹਰ ਉਹਨਾਂ ਦੇ ਸੁਆਗਤ ਲਈ ਪਿੰਡ ਦੀਆਂ ਜਨਾਨੀਆਂ ਪੁੱਜ ਜਾਂਦੀਆਂ ਹਨ। ਦੋਨੋਂ ਧਿਰਾਂ ਇਕ ਦੂਜੇ ਦਾ ਸੁਆਗਤ ਸਿਠਣੀਆਂ ਨਾਲ਼ ਕਰਦੀਆਂ ਹਨ:

ਹੁਣ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਅਸੀਂ ਹਾਜ਼ਰ ਨਾਜ਼ਰ ਫੁੱਲਾਂ ਬਰਾਬਰ ਖੜੀਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਨੀ ਕਿਧਰ ਗਈਆਂ ਨੀ
ਬੀਬੀ ਤੇਰੀਆਂ ਨਾਨਕੀਆਂ
ਚੱਬੀਆਂ ਸੀ ਮੱਠੀਆਂ
ਜੰਮੀਆਂ ਸੀ ਕੱਟੀਆਂ
ਕੱਟੀਆਂ ਚਰਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਚੱਬੇ ਸੀ ਪਕੌੜੇ
ਜੰਮੇ ਸੀ ਜੋੜੇ
ਜੌੜੇ ਖਿਡਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

93 / ਸ਼ਗਨਾਂ ਦੇ ਗੀਤ