ਸਮੱਗਰੀ 'ਤੇ ਜਾਓ

ਪੰਨਾ:ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀਆਂ ਲਿਖਤਾਂ.pdf/365

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਦੂਜਾ ਸਵਾਲ ਇਹ ਹੈ ਕਿ ਅਹੰਕਾਰ ਨਹੀਂ, ਤਾਂ ਰੱਬ ਦੀ ਹੋਂਦ ਪੁਰਾਣੀ ਤੇ ਪ੍ਰਚੱਲਤ ਧਾਰਨਾ ਨਾ ਮੰਨਣ ਦਾ ਕੋਈ ਕਾਰਨ ਹੋਵੇਗਾ। ਹਾਂ, ਮੈਂ ਇਸ ਸਵਾਲ ਵੱਲ ਆਉਂਦਾ ਹਾਂ। ਇਹਦਾ ਕਾਰਨ ਹੈ। ਮੇਰੇ ਵਿਚਾਰ ਅਨੁਸਾਰ ਜਿਸ ਵਿਅਕਤੀ ਕੋਲ ਥੋੜ੍ਹੀ-ਬਹੁਤ ਤਰਕ ਸ਼ਕਤੀ ਹੈ, ਉਹ ਹਮੇਸ਼ਾ ਆਪਣੇ ਆਲੇ-ਦੁਆਲੇ ਨੂੰ ਤਰਕ ਦੀ ਕਸਵੱਟੀ ਉੱਤੇ ਪਰਖਦਾ ਹੈ। ਜਿਥੇ ਸਿੱਧੇ ਸਬੂਤ ਨਹੀਂ ਮਿਲਦੇ, ਉਥੇ ਫ਼ਲਸਫ਼ੇ ਦਾ ਅਹਿਮ ਥਾਂ ਹੁੰਦਾ ਹੈ। ਜਿਵੇਂ ਮੈਂ ਪਹਿਲਾਂ ਆਖ ਚੁਕਾ ਹਾਂ, ਮੇਰਾ ਕੋਈ ਇਨਕਲਾਬੀ ਦੋਸਤ ਕਿਹਾ ਕਰਦਾ ਸੀ ਕਿ ‘ਫ਼ਲਸਫ਼ਾ ਮਨੁੱਖੀ ਕਮਜ਼ੋਰੀ ਦੀ ਪੈਦਾਵਾਰ ਹੈ। ਜਦ ਸਾਡੇ ਵੱਡੇ-ਵਡੇਰਿਆਂ ਕੋਲ ਇਸ ਜਗਤ-ਤਮਾਸ਼ੇ ਨੂੰ ਜਾਣਨ ਦੀ ਕਾਫੀ ਫੁਰਸਤ ਮਿਲੀ ਤੇ ਜਦ ਉਨ੍ਹਾਂ ਨੂੰ ਜਗਤ ਦੇ ਅਤੀਤ, ਵਰਤਮਾਨ ਤੇ ਭਵਿੱਖ ਤੇ ਹੋਰ ਬਹੁਤ ਸਾਰੇ ਸਵਾਲਾਂ ਦੇ ਸਿੱਧੇ ਸਬੂਤ ਨਾ ਮਿਲੇ, ਤਾਂ ਹਰ ਕਿਸੇ ਨੇ ਇਸ ਸਮੱਸਿਆ ਨੂੰ ਆਪਣੇ ਤਰੀਕੇ ਨਾਲ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਇਸ ਕਰਕੇ ਵੱਖ-ਵੱਖ ਧਰਮਾਂ ਦੇ ਬੁਨਿਆਦੀ ਸਿਧਾਂਤਾਂ ਵਿਚ ਵੱਡੇ-ਵੱਡੇ ਮਤਭੇਦ ਮਿਲਦੇ ਹਨ। ਜਿਹੜੇ ਕਦੇ-ਕਦੇ ਬਹੁਤ ਵਿਰੋਧੀ ਰੂਪ ਅਖ਼ਤਿਆਰ ਕਰ ਜਾਂਦੇ ਹਨ। ਜਿਥੇ ਏਸ਼ੀਆਈ ਤੇ ਯੂਰਪੀ ਫ਼ਿਲਾਸਫ਼ੀਆਂ ਵਿਚ ਵਖਰੇਵਾਂ ਹੈ, ਇਥੋਂ ਤਕ ਕਿ ਹਰ ਮਹਾਂ ਖੇਤਰ ਦੀਆਂ ਵੱਖ-ਵੱਖ ਵਿਚਾਰ-ਪ੍ਰਣਾਲੀਆਂ ਵਿਚ ਵੀ ਮਤਭੇਦ ਮਿਲਦਾ ਹੈ। ਏਸ਼ੀਆਈ ਧਰਮਾਂ ਵਿਚ ਮੁਸਲਮ ਧਰਮ ਦੀ ਹਿੰਦੂ ਧਰਮ ਨਾਲ ਕੋਈ ਸਾਂਝ ਨਹੀਂ। ਸਿਰਫ ਹਿੰਦੋਸਤਾਨ ਵਿਚ ਹੀ ਬੁੱਧ ਧਰਮ ਤੇ ਜੈਨ ਧਰਮ ਬ੍ਰਾਹਮਣਵਾਦ ਤੋਂ ਕਾਫੀ ਵੱਖਰੇ ਹਨ ਅਤੇ ਬ੍ਰਾਹਮਣਵਾਦ ਵਿਚ ਵੀ ਅਗਾਂਹ ਆਰੀਆ ਸਮਾਜ ਤੇ ਸਨਾਤਨ ਧਰਮ ਵਰਗੇ ਵਿਰੋਧੀ ਮੱਤ ਹਨ। ਚਾਕ ਵਾਕ[1] ਪੁਰਾਤਨ ਕਾਲ ਦਾ ਸੁਤੰਤਰ ਚਿੰਤਕ ਸੀ। ਇਹਨੇ ਰੱਬ ਦੀ ਸੱਤਾ ਨੂੰ ਵੰਗਾਰਿਆ ਸੀ। ਇਹਨਾਂ ਸਾਰੇ ਮੱਤਾਂ ਵਿਚ ਬੁਨਿਆਦੀ ਸਵਾਲ ਬਾਰੇ ਮਤਭੇਦ ਹਨ ਅਤੇ ਹਰ ਕੋਈ ਆਪਣੇ ਆਪ ਨੂੰ ਦਰੁਸਤ ਮੰਨਦਾ ਹੈ। ਇਹੋ ਸਾਰੀ ਬੁਰਾਈ ਹੈ। ਪੁਰਾਣੇ ਵਿਦਵਾਨਾਂ ਦੇ ਤਜਰਬਿਆਂ ਤੇ ਵਿਚਾਰਾਂ ਨੂੰ ਅਗਿਆਨਤਾ ਵਿਚ ਸਾਡੀ ਆਉਣ ਵਾਲੀ ਜਦੋ-ਜਹਿਦ ਦਾ ਆਧਾਰ ਬਣਾਉਣ ਤੇ ਇਸ ਭੇਦ-ਭਰੀ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨ ਦੀ ਥਾਂ ਅਸੀਂ ਸੁਸਤ, ਨਿਕੰਮੇ, ਕੱਟੜ ਧਰਮ ਦੀ ਹਾਲ ਦੁਹਾਈ ਪਾਉਣ ਲੱਗ ਜਾਂਦੇ ਹਾਂ ਅਤੇ ਇੰਜ ਮਨੁੱਖੀ ਜਾਗ੍ਰਤੀ ਵਿਚ ਆਈ ਖੜੋਤ ਦੇ ਕਸੂਰਵਾਰ ਹਾਂ।

ਜਿਹੜਾ ਵੀ ਮਨੁੱਖ ਪ੍ਰਗਤੀ ਦਾ ਹਾਮੀ ਹੈ, ਉਸਨੂੰ ਲਾਜ਼ਮੀ ਤੌਰ ਉਤੇ ਪੁਰਾਣੇ ਵਿਸ਼ਵਾਸ ਦੀ ਹਰ ਗੱਲ ਦੀ ਆਲੋਚਨਾ ਕਰਨੀ ਪਏਗੀ, ਇਹਦੇ ਵਿਚ ਅਵਿਸ਼ਵਾਸ ਪ੍ਰਗਟ ਕਰਨਾ ਪਏਗਾ, ਤੇ ਇਹਦੇ ਹਰ ਪਹਿਲੂ ਨੂੰ ਵੰਗਾਰਨਾ ਪਏਗਾ, ਪ੍ਰਚੱਲਤ ਵਿਸ਼ਵਾਸ ਦੀ ਇਕੱਲੀ-ਇਕੱਲੀ ਗੱਲ ਦੀ ਬਾਦਲੀਲ ਪੁਣਛਾਣ ਕਰਨੀ ਹੋਵੇਗੀ। ਜੇ ਕੋਈ ਦਲੀਲ ਨਾਲ ਕਿਸੇ ਸਿਧਾਂਤ ਜਾਂ ਫ਼ਲਸਫ਼ੇ ਵਿਚ ਵਿਸ਼ਵਾਸ ਕਰਨ ਲਗਦਾ ਹੈ, ਤਾਂ ਉਹਦਾ ਵਿਸ਼ਵਾਸ ਸਰਾਹੁਣਯੋਗ ਹੈ। ਉਹਦੀ ਦਲੀਲ ਗਲਤ ਜਾਂ ਉੱਕਾ ਹੀ ਬੇਬੁਨਿਆਦ ਹੋ ਸਕਦੀ ਹੈ। ਪਰ ਉਨ੍ਹਾਂ ਦਰੁਸਤ ਰਾਹ ਉੱਤੇ ਲਿਆਂਦਾ ਜਾ ਸਕਦਾ ਹੈ, ਕਿਉਂਕਿ ਤਰਕਸ਼ੀਲਤਾ ਉਹਦਾ ਜ਼ਿੰਦਗੀ ਦਾ ਧਰੂ-ਤਾਰਾ ਜੋ ਹੁੰਦੀ ਹੈ। ਪਰ ਨਿਰਾ ਵਿਸ਼ਵਾਸ ਤੇ ਅੰਨ੍ਹਾ ਵਿਸ਼ਵਾਸ ਖ਼ਤਰਨਾਕ ਹੁੰਦਾ ਹੈ: ਇਹ ਦਿਮਾਗ਼ ਨੂੰ ਕੁੰਦ ਬਣਾਉਂਦਾ ਹੈ ਤੇ ਬੰਦੇ ਨੂੰ ਪ੍ਰਤੀਗਾਮੀ (ਪਛਾਂਹ-ਖਿੱਚੂ) ਬਣਾ ਦਿੰਦਾ ਹੈ। ਜਿਹੜਾ ਵੀ ਬੰਦਾ ਯਥਾਰਥਵਾਦੀ ਹੋਣ ਦਾ ਦਾਅਵਾ ਕਰਦਾ ਹੈ, ਉਹਨੂੰ ਸਮੁੱਚੇ ਪੁਰਾਤਨ ਵਿਸ਼ਵਾਸ ਨੂੰ ਚੈਲੰਜ ਕਰਨਾ ਪਏਗਾ। ਜੇ ਇਹ ਵਿਸ਼ਵਾਸ ਦਲੀਲ ਅੱਗੇ ਨਾ ਖੜ ਸਕੇ ਤਾਂ ਇਹ ਢਹਿ ਢੇਰੀ ਹੋ ਜਾਣਗੇ। ਫਿਰ ਉਸ

  1. ਮਹਾਂਭਾਰਤ ਵੇਲੇ ਦਾ ਸੰਦੇਹਵਾਦੀ ਦਾਰਸ਼ਨਿਕ, ਜਿਹੜਾ ਪਦਾਰਥਵਾਦੀ ਸਿਧਾਂਤ ਦਾ ਪ੍ਰਚਾਰਕ ਸੀ। ਸਮੇਂ ਦੇ ਹਾਕਮਾਂ ਨੇ ਉਸਨੂੰ ਜੀਉਂਦੇ ਨੂੰ ਸਾੜ ਦਿੱਤਾ ਸੀ—ਅਨੁ

ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀਆਂ ਲਿਖਤਾਂ/349