ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/117

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਹੁੰਦੀ ਹੈ। ਇਸ ਪੱਖੋਂ ਉਚੇਚੇ ਤੌਰ ਉਤੇ ਅਸੀਂ "ਮੈਨੂੰ ਜਾਣਨੈਂ?" ਕਹਾਣੀ ਦਾ ਜ਼ਿਕਰ ਕਰ ਸਕਦੇ ਹਾਂ। ਮਨੁੱਖ ਮਨੁੱਖ ਇਸ ਕਰਕੇ ਹੈ ਕਿ ਉਹ ਇਕ ਸਮਾਜ ਵਿਚ ਰਹਿੰਦਾ ਹੈ, ਉਹ ਸਮਾਜ ਜਿਹੜਾ ਉਸ ਨੂੰ ਅਪਣਾਉਂਦਾ ਹੈ ਅਤੇ ਜਿਸ ਨੂੰ ਉਹ ਮਨੁੱਖ ਅਪਣਾਉਂਦਾ ਹੈ। ਇਹ ਇਕ ਦੁਵੱਲੀ ਪਛਾਣ ਹੈ, ਜਿਹੜੀ ਜੇ ਖ਼ਤਮ ਹੋ ਜਾਏ ਤਾਂ ਮਨੁੱਖ ਨੂੰ ਆਪਣੀ ਹਸਤੀ ਨਿਰਾਰਥ ਲੱਗਦੀ ਹੈ। ਇਸ ਪਛਾਣ ਦਾ ਝਾਵਲਾ ਪੈਣਾ ਹੀ ਹਸਤੀ ਵਿਚ ਅਰਥ ਭਰ ਦੇਂਦਾ ਹੈ, ਮਿੱਟੀ ਵਿਚ ਜਾਨ ਪੈਣ ਲੱਗਦੀ ਹੈ, ਸੁਪਨੇ ਜਾਗਣ ਲੱਗ ਪੈਂਦੇ ਹਨ। ਇਹ ਕਹਾਣੀ ਮਨੁੱਖ ਦੇ ਨਿਰੇ ਮਨੋ-ਵਿਗਿਆਨ ਨੂੰ ਨਹੀਂ, ਉਸ ਦੀ ਸਮੁੱਚੀ ਹਸਤੀ ਦੀ ਸੰਬਾਦਕਤਾ ਨੂੰ ਪੇਸ਼ ਕਰਦੀ ਹੈ। ਮਨੁੱਖਾ ਹਸਤੀ ਦਾ ਆਧਾਰ ਇਹ ਹੱਡ-ਮਾਸ ਦਾ ਸਰੀਰ ਨਹੀਂ, ਸਗੋਂ ਮਨੁੱਖੀ ਰਿਸ਼ਤਿਆਂ ਦਾ ਉਹ ਤਾਣਾ-ਪੇਟਾ ਹੈ, ਜਿਹੜਾ ਉਸ ਹਸਤੀ ਦੇ ਦੁਆਲੇ ਵਲਿਆ ਜਾਂਦਾ ਹੈ।

ਇਥੇ ਹੀ ਇਸ ਗੱਲ ਵੱਲ ਧਿਆਨ ਦੁਆਉਣਾ ਵੀ ਕੁਥਾਵੇਂ ਨਹੀਂ ਹੋਵੇਗਾ ਕਿ ਵਿਰਕ ਵਿਚ ਇਹ ਮਾਨਵਵਾਦ ਇਕ ਸਹਿਜੇ ਕਿਸਮ ਦਾ ਹੁੰਦਾ ਹੈ। ਉਸ ਵਿਚ ਤੀਖਣਤਾ ਜਾਂ ਤੇਜ਼ੀ ਨਹੀਂ। ਇਹ ਗੱਲ ਉਹਨਾਂ ਕਹਾਣੀਆਂ ਬਾਰੇ ਵੀ ਠੀਕ ਹੈ, ਜਿਨ੍ਹਾਂ ਦੇ ਵਿਸ਼ੇ-ਵਸਤੂ ਦਾ ਸੰਬੰਧ ਜਿਨਸੀ ਵਤੀਰੇ ਨਾਲ ਹੈ। ਉਹ ਘਟਨਾ ਦੇ ਬਿਆਨ ਉਤੇ ਭਾਵਾਂ ਦੀ ਚਾਸ਼ਨੀ ਚੜ੍ਹਾਉਣ ਦੀ ਕੋਸ਼ਿਸ਼ ਨਹੀਂ ਕਰਦਾ, ਸਗੋਂ ਇਸ ਨੂੰ ਸਿੱਧੀ, ਸਪਸ਼ਟ, ਨਿਰਲੇਪ ਜਿਹੀ ਬੋਲੀ ਵਿਚ ਬਿਆਨ ਕਰ ਦੇਂਦਾ ਹੈ। "ਅੰਦਰੋਂ ਕੁੰਡੀ ਮਾਰੀ ਮਾਸਟਰ ਜੀ ਤੇ ਨਿੰਦੀ ਇਕ ਮੰਜੀ 'ਤੇ ਲੇਟੇ ਹੋਏ ਸਨ ਪਰ ਅਮਲ ਅਮਲ ਦੀ ਰਟ ਲਾਉਣ ਵਾਲੇ ਮਾਸਟਰ ਜੀ ਤੋਂ ਅਮਲ ਇੰਨੀ ਦੂਰ ਸੀ ਜਿੰਨਾ ਮੱਸਿਆ ਦੀ ਰਾਤ ਤੋਂ ਚੰਨ। ਅਸਲ ਵਿਚ ਨਿੰਦੀ ਦੇ ਸਰੀਰ ਦਾ ਜੋਬਨ ਮਾਸਟਰ ਜੀ ਤੋਂ ਝੱਲਿਆ ਨਹੀਂ ਜਾਂਦਾ ਸੀ। ਗਾਰ ਦੀ ਅਥਾਹ ਦੌਲਤ ਨੇ ਗ਼ਰੀਬ ਕਾਸਿਮ ਦੇ ਮਨ ਨੂੰ ਫੇਹ ਸੁਟਿਆ ਸੀ।" ("ਅਲੀ ਬਾਬਾ ਤੇ ਕਾਸਿਮ")। ਬਿਨਾਂ ਕਿਸੇ ਵਿਸਥਾਰ ਅਤੇ ਬਿਨਾਂ ਕਿਸੇ ਭਾਵਾਂ-ਲੱਦੀ ਬਿਆਨੀਆ ਸ਼ਬਦਾਵਲੀ ਦੇ ਲੇਖਕ 'ਅਮਲ' ਦੀ ਪ੍ਰਕਿਰਤੀ ਨੂੰ, 'ਜੋਬਨ' ਨੂੰ ਅਤੇ 'ਜੋਬਨ' ਦੇ ਪ੍ਰਭਾਵ ਨੂੰ ਬਿਆਨ ਕਰ ਗਿਆ ਹੈ। ਧੀਮੀ ਸੁਰ ਵਿਚ ਯਥਾਰਥ ਦਾ ਬਧ ਕਰਾਉਣਾ ਚੰਗੇ ਵਾਰਤਕਕਾਰ ਦਾ ਹੀ ਗੁਣ ਹੁੰਦਾ ਹੈ।

ਵਿਸ਼ੇ-ਵਸਤੂ ਦੇ ਉਪਰੋਕਤ ਸਾਰੇ ਵਿਸ਼ਲੇਸ਼ਣ ਤੋਂ ਇਹ ਤਾਂ ਪ੍ਰਤੱਖ ਹੋ ਜਾਂਦਾ ਹੈ ਕਿ ਵਿਰਕ ਨਿਗੂਣੇ ਤੱਥ ਤੋਂ ਲੈ ਕੇ ਵਿਸ਼ਾਲ ਇਤਿਹਾਸਕ ਵਰਤਾਰਿਆਂ ਨੂੰ ਆਪਣੀ ਕਹਾਣੀ ਵਿਚ ਸਮਾਉਣ ਦੀ ਸਮਰੱਥਾ ਰੱਖਦਾ ਹੈ। ਤਾਂ ਵੀ ਅਸੀਂ ਆਪਣੀ ਪਹਿਲਾਂ ਕਹੀ ਗੱਲ ਉਤੇ ਮੁੜ ਜ਼ੋਰ ਦੇਣਾ ਚਾਹਾਂਗੇ ਕਿ ਵਿਸ਼ੇ-ਵਸਤੂ ਦੇ ਪੱਖੋਂ ਵਿਰਕ ਵਿਚ ਇਕ ਇਕਹਿਰਾਪਣ ਹੈ, ਇਸ ਵਿਚ ਨਾ ਬਹੁਤੀਆਂ ਪਰਤਾਂ ਹਨ, ਨਾ ਬਹੁਤੀਆਂ ਦਿਸ਼ਾਵਾਂ। ਇਸੇ ਕਰਕੇ ਵਿਰਕ ਦੀ ਕਹਾਣੀ ਦਾ ਇਕ ਪਾਠ ਹੀ ਸਾਡੇ ਸਾਹਮਣੇ ਆਪਣਾ ਸਾਰਾ ਸੱਚ ਉਜਾਗਰ ਕਰ ਦੇਂਦਾ ਹੈ। ਮੁੜ ਮੁੜ ਕੇ ਪੜ੍ਹਨਾ ਸ਼ਾਇਦ ਸਵਾਦ ਤਾਂ ਦੇਵੇਗਾ, ਪਰ ਕਿਸੇ ਨਵੀਂ ਪਰਤ ਨੂੰ ਨਹੀਂ ਖੋਲ੍ਹੇਗਾ, ਕੋਈ ਨਵੀਂ ਦਿਸ਼ਾ ਸਾਹਮਣੇ ਨਹੀਂ ਲਿਆਇਗਾ।

109