ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/104

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਹਾਲਤ ਡੱਕੇ ਡੋਲੇ ਖਾਂਦੀ ਪਈ ਸੀ। ਉਹਦੇ ਬਾਪ ਦੀਆਂ ਰੋਹ ਭਰੀਆਂ ਅੱਖਾਂ ਉਹਨੂੰ ਘਰਦੀਆਂ ਜਾਪਦੀਆਂ ਸਨ।

"ਬੇਗੋ ਮੇਰੀ ਜ਼ਿੰਦਗੀ ਏ, ਮੈਂ ਇਹਦਾ ਪਿੱਛਾ ਨਹੀਂ ਛੱਡਾਂਗਾ। ਇਹਦੇ ਨਾਲ਼ ਈ ਜਾਵਾਂਗਾ। ਇਹਦੇ ਲਈ ਹਰ ਕੁਰਬਾਨੀ ਕਰਾਂਗਾ! ਜੇ ਇਹ ਹੁਣੇ ਆਖੇ, ਮੈਂ ਇਹਦੇ ਸਾਹਮਣੇ ਰਾਵੀ ਵਿੱਚ ਛਾਲ ਮਾਰ ਦਿਆਂਗਾ। ਬੇਗੋ ਆਖੇ ਤਾਂ ਸਹੀ...।" ਇੰਦਰ ਨੇ ਦਰਿਆ ਦੇ ਠਾਠਾਂ ਮਾਰਦੇ ਪਾਣੀ ਵਲ ਇਸ਼ਾਰਾ ਕਰਕੇ ਕਿਹਾ।

"ਮੇਰੇ ਵਲੋਂ ਤਾਂ ਕਲ ਨੂੰ ਮਰਦਾ ਅੱਜੋ ਡੁੱਬ ਮਰ। ਮੈਂ ਤੈਨੂੰ ਕਦੋਂ ਰੋਕਦੀ ਆਂ।" ਗੁੱਸੇ ਨਾਲ਼ ਬੇਗੋ ਦਾ ਮੁਖੜਾ ਸੂਹਾ ਗੁਲਾਬ ਹੋ ਗਿਆ ਸੀ।

ਬੇਗੋ ਦੇ ਮੁੱਖੋਂ ਇਹ ਬੋਲ ਨਿਕਲਣ ਦੀ ਦੇਰ ਸੀ ਕਿ ਇੰਦਰ ਨੇ ਝੱਟ ਰਾਵੀ ਦਰਿਆ ਵਿੱਚ ਛਾਲ ਮਾਰ ਦਿੱਤੀ।

ਆਹ! ਬੇਗੋ ਦੇ ਬੋਲਾਂ ਤੇ ਇੰਦਰ ਨੇ ਜਾਨ ਕੁਰਬਾਨ ਕਰ ਦਿੱਤੀ! ਬੇਗੋ ਝੰਜੋੜੀ ਗਈ। ਇਕ ਪਲ ਉਹ ਅਹਿਲ ਖੜੀ ਘੁੰਮਣ ਘੇਰੀਆਂ ਵਲ ਤੱਕਦੀ ਰਹੀ। ਉਸ ਦੀ ਤੱਕਣੀ ਵਿੱਚ ਪਛਤਾਵਾ ਸੀ, ਤੜਪ ਸੀ, ਆਪਣੇ ਪਿਆਰੇ ਲਈ ਜਿੰਦੜੀ ਘੋਲ ਘੁਮਾਵਣ ਦੀ ਲਾਲਸਾ ਸੀ!

ਬੇਗੋ ਦੀਆਂ ਸਹੇਲੀਆਂ ਨੇ ਤੱਕਿਆ, ਬੇਗੋ ਉਹਨਾਂ ਦੇ ਵਿਚਕਾਰ ਨਹੀਂ ਸੀ। ਉਹ ਤਾਂ ਰਾਵੀ ਦੀਆਂ ਖ਼ੂਨੀ ਲਹਿਰਾਂ ਵਿਚਕਾਰ ਆਪਣੇ ਪਿਆਰੇ ਇੰਦਰ ਨੂੰ ਲੱਭ ਰਹੀ ਸੀ! ਖੂਨੀ ਦਰਿਆ ਦੀ ਇਕ ਲਹਿਰ ਉਹਨੂੰ ਵੀ ਆਪਣੇ ਨਾਲ਼ ਹੀ ਰੋਹੜ ਕੇ ਲੈ ਗਈ! ਦੋ ਲੋਥਾਂ ਕੱਠੀਆਂ ਵਹਿ ਰਹੀਆਂ ਸਨ।

ਮੁਟਿਆਰਾਂ ਉਦਾਸ-ਉਦਾਸ ਆਪਣੇ ਪਿੰਡ ਨੂੰ ਪਰਤ ਆਈਆਂ! ਉਹ ਸੋਚਦੀਆਂ ਪਈਆਂ ਸਨ ਕਿ ਉਹ ਕਿਹੜੇ ਮੂੰਹ ਨਾਲ਼ ਬੇਗੋ ਦੇ ਮਾਪਿਆਂ ਦੇ ਮੱਥੇ ਲੱਗਣ ਗੀਆਂ।

ਇਸ ਪ੍ਰੀਤ ਕਹਾਣੀ ਨੂੰ ਵਾਪਰਿਆ ਭਾਵੇਂ ਇਕ ਸਦੀ ਤੋਂ ਵੱਧ ਸਮਾਂ ਬੀਤ ਗਿਆ ਹੈ ਪਰੰਤੁ ਇਸ ਦੀ ਅਮਿੱਟ ਪਿਆਰ ਛੂਹ ਅੱਜ ਵੀ ਪੰਜਾਬ ਦੇ ਲੋਕ ਮਾਨਸ ਦੇ ਹਿਰਦਿਆਂ ਨੂੰ ਠਾਰ ਰਹੀ ਹੈ। ਉਹ ਇੰਦਰ ਬੇਗੋ ਦੇ ਕਿੱਸੇ ਨੂੰ ਲਟਕਾਂ ਨਾਲ ਗਾ ਕੇ ਆਨੰਦ ਮਾਣਦੇ ਹਨ।

102/ਮਹਿਕ ਪੰਜਾਬ ਦੀ