ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/119

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਜਲਾਲੀਏ ਲੁਹਾਰੀਏ ਨੀ
ਕੀ ਤੂੰ ਪਰੀ ਪਹਾੜ ਦੀ
ਕੀ ਅਸਮਾਨੀ ਹੂਰ
ਸੁਹਣੀ ਦਿੱਸੇਂ ਫੁੱਲ ਵਾਂਗ
ਤੈਥੋਂ ਮੈਲ਼ ਰਹੀ ਏ ਦੂਰ
ਤੈਨੂੰ ਵੇਖਣ ਆਉਂਦੇ
ਹੋ ਹੋ ਜਾਂਦੇ ਚੂਰ
ਤਾਬ ਨਾ ਕੋਈ ਝੱਲਦਾ
ਤੇਰਾ ਏਡਾ ਚਮਕੇ ਨੂਰ
ਘਰ ਲੁਹਾਰਾਂ ਜੰਮੀਓ
ਜਿਵੇਂ ਕੱਲਰ ਉੱਗਾ ਰੁੱਖ
ਜੀਵਨ ਤੈਨੂੰ ਵੇਖ ਕੇ
ਤੇ ਭੁੱਲਣ ਸਾਰੇ ਦੁੱਖ
ਫਟਕਣ ਪੰਛੀ ਵੇਖ ਕੇ
ਤੇਰਾ ਸੁਹਣਾ ਮੁੱਖ
ਜੇ ਵੇਖੇਂ ਵਿੱਚ ਸੁਹਾਂ ਦੇ,
ਤੇਰੀ ਵੀ ਲਹਿਜੇ ਭੁੱਖ

ਜਲਾਲੀ ਨੇ ਵੀ ਰੋਡੇ ਫ਼ਕੀਰ ਦੀ ਚਰਚਾ ਸੁਣੀ। ਉਹ ਇਕ ਦਿਨ ਆਪਣੀਆਂ ਸਹੇਲੀਆਂ ਨਾਲ਼ ਬਾਗ ਵਿੱਚ ਜਾ ਪੁੱਜੀ। ਰੋਡਾ ਸਮਾਧੀ ਲਾਈ ਸਿਮਰਨ ਕਰ ਰਿਹਾ ਸੀ। ਸਾਰੀਆਂ ਨਮਸਕਾਰ ਕਰਕੇ ਬੈਠ ਗਈਆਂ। ਰੋਡੇ ਅੱਖ ਨਾ ਝਮਕੀ: ਬਸ ਮਸਤ ਰਿਹਾ।

ਜਲਾਲੀ ਸਿਮਰਨ ਕਰੋਂਦੇ ਰੋਡੇ ਵੱਲ ਤਕਦੀ ਰਹੀ, ਮੁਸਕਾਨਾਂ ਬਖੇਰਦੀ ਰਹੀ। ਕੋਈ ਰਾਂਗਲਾ ਸੁਪਨਾ ਉਹਨੂੰ ਸਾਕਾਰ ਹੁੰਦਾ ਜਾਪਿਆ। ਹੁਸਨ ਦਾ ਬੁੱਤ ਬਣਿਆਂ ਰੋਡਾ ਜਲਾਲੀ ਦੇ ਧੁਰ ਅੰਦਰ ਦਿਲ ਵਿੱਚ ਲਹਿ ਗਿਆ। ਜਲਾਲੀ ਆਪਣੇ ਆਪ ਮੁਸਕਰਾਈ। ਉਹ ਸਾਰੀਆਂ ਜਾਣ ਲਈ ਖੜੋ ਗਈਆਂ। ਰੋਡੇ ਅੱਖ ਖੋਲ੍ਹੀ, ਸਾਹਮਣੇ ਜਲਾਲੀ ਹੱਥ ਜੋੜੀਂ ਖੜੀ ਸੀ।

ਸੂਰਜਮੁਖੀ ਦੇ ਫੁੱਲ ਵਾਂਗ ਖਿੜਿਆ ਜਲਾਲੀ ਦਾ ਪਿਆਰਾ ਮੁੱਖੜਾ ਰੋਡੇ ਦੀ ਬਿਰਤੀ ਉਖੇੜ ਗਿਆ। ਰੋਡਾ ਸੁਆਦ-ਸੁਆਦ ਹੋ ਗਿਆ।

ਸਾਰੀ ਰਾਤ ਜਲਾਲੀ ਰੋਡੇ ’ਚ ਖੋਈ ਰਹੀ। ਸਵੇਰ ਹੁੰਦੇ ਸਾਰ ਹੀ ਉਸ ਬਾਗ ਵਿੱਚ ਆ ਰੋਡੇ ਨੂੰ ਸਿਜਦਾ ਕੀਤਾ। ਹੁਸਨ ਇਸ਼ਕ ਦੇ ਗੱਲ ਬਾਹੀਂ ਪਾ ਲਈਆਂ।

"ਰੋਡਿਆ ਤੂੰ ਮੇਰੇ ਤੇ ਕੀ ਜਾਦੁ ਧੂੜ ਦਿੱਤਾ ਹੈ, ਮੈਂ ਸਾਰੀ ਰਾਤ ਪਲ ਲਈ ਵੀ ਸੌਂ ਨਹੀਂ ਸਕੀ। ਤੇਰੇ ਖ਼ਿਆਲਾਂ ’ਚ ਮਗਨ ਰਹੀ ਆਂ।" ਹੁਸਨ ਮਚਲਿਆ।

"ਜਲਾਲੀਏ ਧੰਨੇ ਨੇ ਪੱਥਰ ’ਚੋਂ ਪਾ ਲਿਆ ਏ, ਮੇਰੀ ਭਗਤੀ ਪੂਰੀ ਹੋ ਗਈ ਏ! ਤੇਰੇ ’ਚ ਮੈਨੂੰ ਰੱਬ ਨਜ਼ਰੀਂ ਪਿਆ ਆਉਂਦਾ ਏ। ਜਦੋਂ ਦੀ ਤੂੰ ਮੇਰੇ ਪਾਸੋਂ ਗਈ ਏਂ

117/ਮਹਿਕ ਪੰਜਾਬ ਦੀ