ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/304

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਲੋਹੜੀ ਦੇ ਗੀਤ

ਲੋਹੜੀ ਕਿਸਾਨਾਂ ਦਾ ਹਰਮਨ ਪਿਆਰਾ ਤਿਉਹਾਰ ਹੈ। ਇਹ ਤਿਉਹਾਰ ਪੋਹ ਮਹੀਨੇ ਦੀ ਆਖਰੀ ਰਾਤ ਨੂੰ ਮਨਾਇਆ ਜਾਂਦਾ ਹੈ। ਪੰਜਾਬ ਦੇ ਪੇਂਡੂ ਜੀਵਨ ਵਿੱਚ ਇਸ ਤਿਉਹਾਰ ਦੀ ਬੜੀ ਮਹੱਤਤਾ ਹੈ।

ਲੋਹੜੀ ਨਵ-ਜਨਮੇ ਮੁੰਡਿਆਂ ਅਤੇ ਨਵੇਂ ਵਿਆਹੇ ਜੋੜਿਆਂ ਦੀ ਖ਼ੁਸ਼ੀ ਵਿੱਚ ਮਨਾਈ ਜਾਂਦੀ ਹੈ। ਮੁੰਡਾ ਕਿਸੇ ਕਿਸਾਨ ਦੇ ਘਰ ਜਨਮੇ ਜਾਂ ਕਿਸੇ ਕਾਮੇ ਦੇ ਘਰ, ਖ਼ੁਸ਼ੀ ਸਾਰੇ ਪਿੰਡ ਲਈ ਸਾਂਝੀ ਹੁੰਦੀ ਹੈ। ਇਸ ਦਿਨ ਸਾਰੇ ਰਲ ਕੇ ਨਵ ਜਨਮੇ ਮੁੰਡੇ ਦੇ ਘਰੋਂ ਵਧਾਈਆਂ ਦਾ ਗੁੜ ਮੰਗਕੇ ਲਿਆਉਂਦੇ ਹਨ। ਪਿੰਡ ਵਿੱਚ ਥਾਂ-ਥਾਂ ਲੋਹੜੀ ਬਾਲੀ ਜਾਂਦੀ ਹੈ। ਬਾਲਣ ਲਈ ਪਾਥੀਆਂ ਅਤੇ ਲੱਕੜਾਂ ਘਰਾਂ ਵਿੱਚੋਂ ਬੱਚੇ ਮੰਗ ਕੇ ਲਿਆਉਂਦੇ ਹਨ। ਰਾਤੀਂ ਪਿੰਡ ਦੀ ਸੱਥ ਵਿੱਚ ਕੱਠੇ ਹੋ ਕੇ ਵਧਾਈਆਂ ਦਾ ਗੁੜ ਸਭ ਨੂੰ ਇੱਕੋ ਜਿਹਾ ਵਰਤਾਇਆ ਜਾਂਦਾ ਹੈ।

ਲੋਹੜੀ ਵਿੱਚ ਬੱਚੇ ਵੱਧ ਚੜ੍ਹ ਕੇ ਭਾਗ ਲੈਂਦੇ ਹਨ। ਜਿੱਧਰ ਵੀ ਵੇਖੋ ਬੱਚਿਆਂ ਦੀਆਂ ਟੋਲੀਆਂ ਗੀਤ ਗਾਉਂਦੀਆਂ ਫਿਰਦੀਆਂ ਹਨ। ਵਧਾਈਆਂ ਦੇ ਗੁੜ ਤੋਂ ਬਿਨਾਂ ਬੱਚੇ ਭੂਤ ਪਿੰਨੇ, ਰਿਓੜੀਆਂ, ਤਲੂਏਂ, ਬੱਕਲੀਆਂ, ਦਾਣੇ ਤੇ ਪਾਥੀਆਂ ਘਰ-ਘਰ ਜਾ ਕੇ ਗੀਤ ਗਾਉਂਦੇ ਹੋਏ ਮੰਗਦੇ ਹਨ। ਬੱਚੇ ਬੜੇ ਚਾਅ ਨਾਲ ਗੀਤ ਗਾਉਂਦੇ ਹਨ। ਦਿਨ ਖੜ੍ਹੇ ਹੀ ਲੋਹੜੀ ਮੰਗ ਰਹੇ ਬੱਚਿਆਂ ਦੀਆਂ ਆਵਾਜ਼ਾਂ ਸੁਣਾਈਂ ਦੇਣ ਲੱਗਦੀਆਂ ਹਨ।

ਕੁੜੀਆਂ ਦੀਆਂ ਵੱਖਰੀਆਂ-ਵੱਖਰੀਆਂ ਟੋਲੀਆਂ ਹੁੰਦੀਆਂ ਹਨ ਤੇ ਮੁੰਡੇ ਵੱਖਰੇ ਲੋਹੜੀ ਮੰਗਦੇ ਹਨ। ਕਈਆਂ ਨੇ ਬੋਰੀਆਂ ਚੁੱਕੀਆਂ ਹੁੰਦੀਆਂ ਹਨ ਤੇ ਕਈਆਂ ਨੇ ਚੁੰਨੀਆਂ ਤੇ ਪਰਨਿਆਂ ਨੂੰ ਗੱਠਾਂ ਦੇ ਕੇ ਝੋਲੇ ਬਣਾਏ ਹੁੰਦੇ ਹਨ। ਮੰਗਣ ਵਾਲੇ ਬੱਚਿਆਂ ਵਿੱਚ ਛੋਟੇ ਵੱਡੇ ਘਰਾਂ ਦਾ ਕੋਈ ਵਿਤਕਰਾ ਨਹੀਂ ਹੁੰਦਾ ਨਾ ਹੀ ਜਾਤ-ਪਾਤ ਦਾ ਕੋਈ ਭੇਦ ਭਾਵ ਹੁੰਦਾ ਹੈ। ਬੱਚੇ ਸਮੂਹਿਕ ਰੂਪ ਵਿੱਚ ਹੀ ਗੀਤ ਗਾਉਂਦੇ ਹਨ। ਮੁੰਡਿਆਂ ਦੇ ਗੀਤਾਂ ਦਾ ਕੁੜੀਆਂ ਦੇ ਗੀਤਾਂ ਨਾਲੋਂ ਕੁੱਝ ਫਰਕ ਹੁੰਦਾ ਹੈ ਤੇ ਉਹਨਾਂ ਦੇ ਗੀਤ ਗਾਉਣ ਦਾ ਢੰਗ ਵੀ ਵੱਖਰਾ ਹੁੰਦਾ ਹੈ। ਮੁੰਡੇ ਰੌਲਾ ਰੱਪਾ ਬਹੁਤਾ ਪਾਉਂਦੇ ਹਨ। ਕੁੜੀਆਂ ਬੜੇ ਸਲੀਕੇ ਤੇ ਰਹਾ ਨਾਲ ਗੀਤ ਗਾਉਂਦੀਆਂ ਹਨ।

ਏਥੇ ਤੁਹਾਡੀ ਦਿਲਚਸਪੀ ਲਈ ਮੁੰਡੇ ਕੁੜੀਆਂ ਦੇ ਵੱਖਰੇ-ਵੱਖਰੇ ਲੋਕ ਗੀਤ ਦਿੱਤੇ ਜਾ ਰਹੇ ਹਨ।

302/ਮਹਿਕ ਪੰਜਾਬ ਦੀ